ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਜੋ ਕਿਸਾਨਾਂ ਉਪਰ ਥੋਪੇ ਗਏ ਹੈ । ਉਨ੍ਹਾਂ ਦੇ ਵਿਰੋਧ ਵਿੱਚ ਸ੍ਰੋਮਣੀ ਅਕਾਲੀ ਦਲ ਵੱਲੋਂ 17 ਸਤੰਬਰ ਨੂੰ ਕਾਲਾ ਦਿਵਸ ਮਨਾਉਣ ਲਈ ਗੁਰਦੁਆਰਾ ਰਕਾਬਗੰਜ ਤੋਂ ਸੰਸਦ ਤੱਕ ਮਾਰਚ ਕੱਢਣਾ ਸੀ ਪਰ ਕੇਂਦਰ ਸਰਕਾਰ ਨੇ ਇਸ ਦੀ ਆਗਿਆ ਨਹੀਂ ਦਿੱਤੀ । ਅਕਾਲੀ ਦਲ ਨੇ ਆਗਿਆ ਨਾ ਮਿਲਣ ਦੇ ਬਾਵਜੂਦ ਵੀ ਸ਼ਾਤਮਈ ਮਾਰਚ ਕੱਢਣ ਦਾ ਐਲਾਨ ਕੀਤਾ ਹੈ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਵੱਡੇ ਐਕਸ਼ਨ ਦਾ ਐਲਾਨ ਕੀਤਾ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਸੀ ਕਿ 17 ਸਤੰਬਰ ਨੂੰ ਸੰਸਦ ਵਿੱਚ ਤਿੰਨ ਖੇਤੀ ਕਾਨੂੰਨ ਬਣਾਉਣ ਵਾਲੇ ਦਿਨ ਦੀ ਵਰ੍ਹੇਗੰਢ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ। ਸੁਖਬੀਰ ਬਾਦਲ ਨੇ ਫੇਸਬੁੱਕ ਉੱਪਰ ਪੋਸਟ ਪਾ ਕੇ ਕਿਹਾ ਸੀ ਕਿ ਕਾਲ਼ੇ ਖੇਤੀ ਕਨੂੰਨ ਲਾਗੂ ਹੋਣ ਦੇ ਇੱਕ ਸਾਲ ਪੂਰੇ ਹੋਣ ‘ਤੇ, 17 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ‘ਕਾਲ਼ੇ ਦਿਨ’ ਵਜੋਂ ਮਨਾਉਣ ਜਾ ਰਿਹਾ ਹੈ। ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਨੇ ਸਿਆਸੀ ਪਾਰਟੀਆਂ ਦੇ ਲੀਡਰਾਂ ਨਾਲ ਮੀਟਿੰਗ ਕਰਕੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਦੇ ਸੁਝਾਅ ਦਿੱਤੇ ਸੀ। ਇਸ ਮਗਰੋਂ ਅਕਾਲੀ ਦਲ ਨੇ ਪਹਿਲ ਕਰਦਿਆਂ ਕਿਹਾ ਹੈ ਕਿ ਇਸ ਦਿਨ ਪਾਰਟੀ ਦੇ ਵਰਕਰ ਕਿਸਾਨਾਂ ਨਾਲ ਰਲ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕੱਢਣਗੇ ਤੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਨਗੇ। ਇਸ ਬਾਰੇ ਫ਼ੈਸਲਾ ਪਾਰਟੀ ਦੇ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਹਲਕਾ ਸੇਵਾਦਾਰਾਂ ਤੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ ਸੀ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ ਤੇ ਖੇਤੀ ਕਾਨੂੰਨ ਰੱਦ ਹੋਣ ਤੱਕ ਡਟਿਆ ਰਹੇਗਾ।