ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਦੌਰਾਨ ਹੋਈਆਂ ਅਣਗਿਹਲੀਆਂ ਦੀ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ । ਜਿਸ ਵਿੱਚ ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ ਗ੍ਰਹਿ ਵਿਭਾਗ ਤੇ ਜਸਟਿਸ ਅਨੁਰਾਗ ਵਰਮਾ ਸ਼ਾਮਲ ਹੋਣਗੇ । ਇਹ ਕਮੇਟੀ ਜਾਂਚ ਕਰਕੇ ਤਿੰਨ ਦਿਨਾਂ ਅੰਦਰ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਫੇਰੀ ਰੱਦ ਹੋਣ ਮਗਰੋਂ ਬੀਜੇਪੀ ਤੇ ਕਾਂਗਰਸ ਵਿਚਾਲੇ ਬਿਆਨਬਾਜ਼ੀ ਦੀ ਜੰਗ ਛਿੜ ਗਈ ਹੈ। ਜਿੱਥੇ ਬੀਜੇਪੀ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਹਵਾਲਾ ਦੇ ਕਿ ਪੰਜਾਬ ਸਰਕਾਰ ਨੂੰ ਘੇਰ ਰਹੀ ਹੈ, ਉੱਥੇ ਹੀ ਕਾਂਗਰਸ ਦਾਅਵਾ ਕੀਤਾ ਹੈ ਕਿ ਰੈਲੀ ਵਿੱਚ ‘ਮੋਦੀ ਜੀ’ ਨੂੰ ਸੁਣਨ ਲਈ ਕੋਈ ਭੀੜ ਨਹੀਂ ਸੀ। ਇਸ ਲਈ ਸਾਰਾ ਡਰਾਮਾ ਕੀਤਾ ਗਿਆ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਹੈ ਕਿ ਭਾਜਪਾ ਪ੍ਰਧਾਨ ਜੇਪੀ ਨੱਢਾ ਦੂਜੇ ਸਿਰ ਦੋਸ਼ ਮੜ੍ਹਨਾ ਬੰਦ ਕਰਨ ਤੇ ਇਸ ਦੀ ਥਾਂ ਬੀਜੇਪੀ ਆਪਣੇ ‘ਕਿਸਾਨ ਵਿਰੋਧੀ’ ਰਵੱਈਏ ਨੂੰ ਲੈ ਕੇ ਅੰਤਰਝਾਤ ਮਾਰੇ।
ਦਰਅਸਲ ਨੱਢਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਗਾਮੀ ਚੋਣਾਂ ਵਿੱਚ ਆਪਣੀ ਹਾਰ ਦੇ ਡਰੋਂ ਸੂਬੇ ਵਿੱਚ ਮੋਦੀ ਦੇ ਪ੍ਰੋਗਰਾਮਾਂ ਨੂੰ ਨਾਕਾਮ ਬਣਾਉਣ ਲਈ ਹਰ ਸੰਭਵ ਹਰਬਾ ਵਰਤ ਰਹੀ ਹੈ। ਇਸ ਦਾ ਜਵਾਬ ਦਿੰਦਿਆਂ ਸੁਰਜੇਵਾਲਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਦਾ ਬਚਾਅ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਸਾਰੇ ਸੁਰੱਖਿਆ ਪ੍ਰਬੰਧ ਐੈਸਪੀਜੀ ਤੇ ਹੋਰਨਾਂ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਗਏ ਸਨ।