ਪੰਜਾਬ ਵਿੱਚ ਪ੍ਰਧਾਨ ਮੰਤਰੀ ਦੀ ਫੇਰੀ ਨੇ ਪੂਰੇ ਦੇਸ਼ ਵਿੱਚ ਘਮਸਾਣ ਮੱਚਿਆ ਪਿਆ ਹੈ । ਜਿਥੇ ਵਿਰੋਧੀ ਇਹ ਆਖ ਰਹੇ ਹਨ ਕਿ ਫਿਰੋਜ਼ਪੁਰ ਰੈਲੀ ਵਿੱਚ ਇਕੱਠ ਨਾ ਹੋਣ ਕਰਕੇ ਆਪਣੀ ਵਾਪਸੀ ਦਾ ਦੋਸ਼ ਪੰਜਾਬ ਸਰਕਾਰ ਤੇ ਸੁਰੱਖਿਆ ਨੂੰ ਲੈ ਕੇ ਲਾ ਦਿੱਤਾ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਇਸ ਮਾਮਲੇ ‘ਤੇ ਕੱਲ੍ਹ ਸੁਣਵਾਈ ਹੋਏਗੀ। ਪਟੀਸ਼ਨਕਰਤਾ ਨੇ ਪ੍ਰਧਾਨ ਮੰਤਰੀ ਦੇ ਦੌਰੇ ਨਾਲ ਸਬੰਧਤ ਸਾਰਾ ਰਿਕਾਰਡ ਨੂੰ ਫਰੀਜ਼ ਕਰਨ ਦੀ ਮੰਗ ਕੀਤੀ ਗਈ ਹੈ। ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਪ੍ਰਧਾਨ ਮੰਤਰੀ ਦੀ ਫੇਰੀ ਸਬੰਧੀ ਸਾਰਾ ਰਿਕਾਰਡ ਬਠਿੰਡਾ ਸੈਸ਼ਨ ਜੱਜ ਰਾਹੀਂ ਜ਼ਬਤ ਕੀਤਾ ਜਾਵੇ।
ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਇਹ ਮਾਮਲਾ ਚੀਫ਼ ਜਸਟਿਸ ਸਾਹਮਣੇ ਰੱਖਿਆ ਹੈ। ਅਦਾਲਤ ਨੇ ਪਟੀਸ਼ਨ ਦੀ ਕਾਪੀ ਪੰਜਾਬ ਸਰਕਾਰ ਨੂੰ ਸੌਂਪਣ ਲਈ ਕਿਹਾ ਹੈ। ਹੁਣ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।