ਪੰਜਾਬ ਦੇ ਨਵੇਂ ਬਣੇ ਮੰਤਰੀਆਂ ਨੇ ਆਪਣੇ ਅਹੁਦੇ ਸੰਭਾਲ ਦਿਆਂ ਹੀ ਆਪਣੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਤੇ ਹਦਾਇਤਾਂ ਕੀਤੀਆਂ ਕੇ ਉਹ ਆਪਣੇ ਕੰਮਾਂ ਵਿਚ ਪਾਰਦਰਸ਼ਤਾ ਲਿਆਉਣ ਅਤੇ ਚੱਲ ਰਹੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਯਕੀਨੀ ਬਣਾਉਣ। ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਜਾਇਜ਼ ਹੁੰਦੀ ਮਾਈਨਿੰਗ ਨੂੰ ਲੈ ਕੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਕੇ ਗੈਰ ਕਾਨੂੰਨੀ ਚਲਦੀ ਮਾਈਨਿੰਗ ਨੂੰ ਰੋਕਣ ਲਈ ਸੂਬੇ ਭਰ ਵਿੱਚ ਸਾਰੀਆਂ ਕਾਨੂੰਨੀ ਮਾਈਨਿੰਗ ਸਾਈਟਾਂ ਦੀ ਸ਼ਨਾਖਤ ਕੀਤੀ ਜਾਵੇ ਤੇ ਸਬੰਧਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਚਿੱਠੀਆਂ ਕੱਢੀਆ ਜਾਣ । ਬੈਂਸ ਨੇ ਇਹ ਵੀ ਆਖਿਆ ਮਾਈਨਿੰਗ ਨੀਤੀ ਛੇ ਮਹੀਨੇ ਵਿੱਚ ਪੇਸ਼ ਕਰ ਦਿੱਤੀ ਜਾਵੇਗੀ । ਬੈਂਸ ਨੇ ਦੱਸਿਆ ਜਿਹੜੇ ਜ਼ਿਲਿਆਂ ਵਿੱਚ ਮਾਈਨਿੰਗ ਸਾਈਟਾਂ ਹਨ ਉਨ੍ਹਾਂ ਦੀ ਡੇਲੀ ਰਿਪੋਰਟ ਲਈ ਜਾਇਆ ਕਰੇਗੀ।ਮਈਨਿੰਗ ਨੂੰ ਲੈ ਕੇ ਜੇ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸ ਤੇ ਤੁਰੰਤ ਐਕਸ਼ਨ ਲਿਆ ਜਾਵੇਗਾ।.
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੀ ਆਪਣੇ ਵਿਭਾਗ ਦੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਖਿਆ ਕੇ ਜੋ ਪਹਿਲਾਂ ਪਿਛਲੀਆਂ ਸਰਕਾਰਾਂ ਦੌਰਾਨ ਇਕ ਪਰਮਿਟ ਤੇ ਕਈ ਕਈ ਨਾਜਾਇਜ਼ ਚਲਦੀਆਂ ਹਨ ਅਤੇ ਉਨ੍ਹਾਂ ਤੇ ਜੋ 40 ਕਿਲੋਮੀਟਰ ਵਾਲੇ ਰੂਟਾਂ ਵਿੱਚ 250 ਕਿਲੋਮੀਟਰ ਤੱਕ ਦਾ ਵਾਧਾ ਕਰਕੇ ਬੱਸਾਂ ਚਲਾਉਣ ਵਾਲੇ ਮਾਮਲਿਆ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਜੋ ਕਾਂਗਰਸ ਸਰਕਾਰ ਦੌਰਾਨ ਪਰਮਿਟ ਜਾਰੀ ਕੀਤੇ ਗਏ ਸੀ ਉਨ੍ਹਾਂ ਦੀ ਵੀ ਜਾਂਚ ਕੀਤੀ ਜਾਵੇਗੀ।
ਔਰਤਾਂ ਲਈ ਬੱਸਾਂ ਵਿੱਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰੱਖਣ ਦਾ ਭਰੋਸਾ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਲੋਕਾਂ ਲਈ ਜਿੱਥੇ ਅਜਿਹੀਆਂ ਹੋਰ ਸਹੂਲਤਾਂ ਲਿਆਂਦੀਆਂ ਜਾਣਗੀਆਂ, ਉਥੇ ਬੱਚਿਆਂ, ਬਜ਼ੁਰਗਾਂ ਅਤੇ ਅਪਾਹਜ ਵਿਅਕਤੀਆਂ ਲਈ ਸੀਟਾਂ ਦਾ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਠੇਕਾ ਆਧਾਰਤ ਅਤੇ ਕੱਚੇ ਮੁਲਾਜ਼ਮਾਂ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਯਕੀਨ ਜਤਾਇਆ ਹੈ, ਨੂੰ ਵੀ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣਗੇ। ਇਸ ਤੋਂ ਇਲਾਵਾ ਲੋੜ ਅਨੁਸਾਰ ਬੱਸ ਅੱਡੇ ਨਵੇਂ ਬਣਾਏ ਜਾਣਗੇ ਅਤੇ ਬੱਸ ਅੱਡਿਆਂ ਵਿੱਚ ਸਫ਼ਾਈ ਦਾ ਖ਼ਾਸ ਖ਼ਿਆਲ ਰੱਖਿਆ ਜਾਵੇਗਾ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਆਪ ਦੀ ਸਰਕਾਰ ਵਿੱਚ ਸਿਆਸੀ ਬਦਲਾਖੋਰੀ ਨੂੰ ਕੋਈ ਥਾਂ ਨਹੀਂ ਹੈ ਪਰ ਨਾਜਾਇਜ਼ ਚਲ ਰਹੀਆਂ ਬੱਸਾਂ ਨੂੰ ਹਰ ਹੀਲੇ ਰੋਕਿਆ ਜਾਵੇਗਾ। ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ, ਉਸ ਇੱਕ-ਇੱਕ ਉਮੀਦ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਸੀਲਿਆਂ ‘ਤੇ ਧਿਆਨ ਕੇਂਦਰਤ ਕੀਤਾ ਜਾਵੇਗਾ ਤਾਂ ਜੋ ਸਰਕਾਰੀ ਖ਼ਜ਼ਾਨਾ ਭਰਿਆ ਜਾ ਸਕੇ।
ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਭਾਗੀ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ।
ਟਰਾਂਸਪੋਰਟ ਮੰਤਰੀ ਨੇ ਖ਼ਾਸ ਤੌਰ ‘ਤੇ ਹਦਾਇਤ ਕੀਤੀ ਕਿ ਬੱਸਾਂ ਦਾ ਬੱਸ ਅੱਡੇ ਦੇ ਅੰਦਰੋਂ ਹੋ ਕੇ ਜਾਣਾ ਯਕੀਨੀ ਬਣਾਇਆ ਜਾਵੇ ਅਤੇ ਅਜਿਹਾ ਨਾ ਕਰਨ ‘ਤੇ ਸਖ਼ਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।