ਲੰਬੀ 29 ਮਾਰਚ (ਪ.ਪ.) -ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ ਲੰਬੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰੀ ਮੁਲਾਜ਼ਮਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਸੰਬੰਧੀ ਚਰਚਾ ਕੀਤੀ ਗਈ। ਲੰਬੀ ਵਿਖੇ ਕਿਸਾਨ ਜਥੇਬੰਦੀ ‘ਏਕਤਾ ਉਗਰਾਹਾਂ’ ਵੱਲੋਂ ਨਾਇਬ ਤਹਿਸੀਲਦਾਰ ਅਤੇ ਪਟਵਾਰੀਆਂ ਨੂੰ ਕੱਲ੍ਹ ਮਿਤੀ 28-03-2022 ਤੋਂ ਬੰਦੀ ਬਣਾਇਆ ਗਿਆ ਹੈ ਕਿਉਂਕਿ ਸਰਕਾਰੀ ਮੁਲਾਜ਼ਮ ਝੂਠੀਆਂ ਰਿਪੋਰਟਾਂ ਬਣਾ ਕੇ ਉਨ੍ਹਾਂ ਨੂੰ ਗ਼ਲਤ ਮੁਆਵਜ਼ਾ ਦੇਣ ਲਈ ਤਿਆਰ ਨਹੀਂ ਸਨ। ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ ਸਰਬ ਸੰਮਤੀ ਨਾਲ ਕਿਸਾਨ ਜਥੇਬੰਦੀ ‘ਏਕਤਾ ਉਗਰਾਹਾਂ’ ਦੀ ਇਸ ਗੁੰਡਾਗਰਦੀ ਅਤੇ ਧੱਕੇਸ਼ਾਹੀ ਦੇ ਖ਼ਿਲਾਫ਼ ਅੱਜ, ਮਿਤੀ 29-03-2022 ਤੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ । ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਬੰਦੀ ਬਣਾਉਣ ਵਾਲੇ ਮੁਜਰਿਮਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਮੁਲਾਜ਼ਮਾਂ ਨਾਲ ਧੱਕਾ ਕਰਨ ਦੀ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਹੁੰਦਾ ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚ ਰੋਜ਼ਾਨਾ ਹਜ਼ਾਰਾਂ ਆਮ ਲੋਕ ਆਪਣੇ ਕੰਮ ਕਰਵਾਉਣ ਆਉਂਦੇ ਹਨ। ਇਨ੍ਹਾਂ ਦਫਤਰਾਂ ਵਿਚ ਬਹੁਤ ਸਾਰੇ ਬਲੈਕਮੇਲਰ ਅਤੇ ਏਜੰਟ ਵੀ ਘੁੰਮਦੇ ਰਹਿੰਦੇ ਹਨ, ਜੋ ਗਲਤ ਕੰਮ ਜਾਂ Out of turn ਕੰਮ ਕਰਵਾਉਣ ਲਈ ਸਰਕਾਰੀ ਮੁਲਾਜ਼ਮਾਂ ਨੂੰ ਤੰਗ ਪ੍ਰੇਸ਼ਾਨ ਕਰਦੇ ਹਨ ਅਤੇ ਆਮ ਜਨਤਾ ਤੋਂ ਇਸ ਬਦਲੇ ਰੁਪਏ ਵਸੂਲਦੇ ਹਨ। ਪਿਛਲੇ ਸਾਲ ਮੁੱਖ ਮੰਤਰੀ ਦਫ਼ਤਰ ਵੱਲੋਂ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚ ਸਿਕਿਉਰਿਟੀ ਦੇਣ ਦਾ ਫ਼ੈਸਲਾ ਲਿਆ ਗਿਆ ਸੀ ਤਾਂ ਜੋ ਇਨ੍ਹਾਂ ਸਰਕਾਰੀ ਦਫ਼ਤਰਾਂ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਆਮ ਜਨਤਾ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਤੋਂ ਬਚਾਇਆ ਜਾ ਸਕੇ ਅਤੇ ਸਰਕਾਰੀ ਕੰਮਕਾਜ ਨੂੰ ਠੀਕ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ । ਪ੍ਰੰਤੂ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚ ਕੋਈ ਵੀ ਸਕਿਓਰਿਟੀ ਤੈਨਾਤ ਨਹੀਂ ਕੀਤੀ ਗਈ, ਜਿਸ ਕਾਰਨ ਰੋਜ਼ਾਨਾ ਸਰਕਾਰੀ ਮੁਲਾਜ਼ਮਾਂ ਅਤੇ ਆਮ ਜਨਤਾ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।