ਪੰਜਾਬ ਦੇ ਲੰਬੀ ਹਲਕੇ ਦੀ ਤਹਿਸੀਲ ਵਿੱਚ ਕਿਸਾਨਾਂ ਵੱਲੋਂ ਤਹਿਸੀਲਦਾਰ ਅਤੇ ਹੋਰ ਅਧਿਕਾਰੀਆਂ ਨੂੰ ਬੰਧਕ ਬਣਾ ਲਿਆ ਗਿਆ ਸੀ । ਕਿਸਾਨਾਂ ਨੇ ਤਹਿਸੀਲਦਾਰ ਅਤੇ ਹੋਰ ਅਧਿਕਾਰੀਆਂ ਨੂੰ ਦੇਰ ਰਾਤ ਤੱਕ ਬੰਧਕ ਬਣਾ ਕੇ ਰੱਖਿਆ ਤੇ ਜਿਸ ਤੋਂ ਬਾਅਦ ਪੁਲਿਸ ਨੇ ਗੱਲਬਾਤ ਕਰਕੇ ਮੁਲਾਜ਼ਮਾਂ ਨੂੰ ਛਡਾਉਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਨਾ ਮੰਨੇ ਤਾਂ ਆਖ਼ਰ ਨੂੰ ਪੁਲਿਸ ਨੇ ਹਲਕਾ ਲਾਠੀਚਾਰਜ ਕੀਤਾ ਜਿਸ ਤੋਂ ਬਾਅਦ ਬੰਧਕ ਅਧਿਕਾਰੀਆਂ ਨੂੰ ਛੁਡਵਾਇਆ ਗਿਆ। ਅਧਿਕਾਰੀਆਂ ਦੇ ਬਿਆਨਾਂ ਦੇ ਆਧਾਰ ਤੇ ਲੰਬੀ ਪੁਲਿਸ ਨੇ ਡੇਢ ਸੌ ਕਿਸਾਨਾਂ ਤੇ ਪਰਚੇ ਦਰਜ ਕਰ ਦਿੱਤੇ ਹਨ
ਦੱਸ ਦਈਏ ਕਿ ਬੀਤੀ ਰਾਤ ਭਾਰੀ ਗਿਣਤੀ ਪੁਲਿਸ ਨੇ ਮੁਆਵਜ਼ੇ ਲਈ ਸਬ ਤਹਿਸੀਲ ਲੰਬੀ ਦਾ ਘਿਰਾਓ ਕਰਨ ਵਾਲੇ ਕਿਸਾਨਾਂ ‘ਤੇ ਲਾਠੀਚਾਰਜ ਕਰਕੇ ਦਫ਼ਤਰ ‘ਚ ਬੰਧੀ ਬਣਾਏ ਨਾਇਬ ਤਹਿਸੀਲਦਾਰ ਅਤੇ ਅਮਲੇ ਨੂੰ ਛੁਡਵਾ ਲਿਆ। ਲਾਠੀਚਾਰਜ਼ ‘ਚ ਛੇ ਕਿਸਾਨ ਅਤੇ ਇੱਕ ਖੇਤ ਮਜ਼ਦੂਰ ਆਗੂ ਜ਼ਖ਼ਮੀ ਹੋਇਆ ਹੈ, ਜਿਨ੍ਹਾਂ ਨੂੰ ਸਰਕਾਰੀ ਸਿਹਤ ਕੇਂਦਰ ਲੰਬੀ ‘ਚ ਦਾਖ਼ਲ ਕਰਵਾਇਆ ਗਿਆ ਹੈ।
ਦੂਜੇ ਪਾਸੇ ਰਾਤ ਨੂੰ ਕਰੀਬ 11 ਵਜੇ ਪਟਵਾਰੀ ਯੂਨੀਅਨ ਨੇ ਨਾਇਬ ਤਹਿਸੀਲਦਾਰ ਨੂੰ ਬੰਧੀ ਬਣਾਉਣ ਖ਼ਿਲਾਫ਼ ਸੜਕ ਜਾਮ ਕਰ ਦਿੱਤਾ। ਕੱਲ੍ਹ ਦੁਪਹਿਰ ਕਿਸਾਨਾਂ ਵੱਲੋਂ ਦਫ਼ਤਰ ’ਚ ਨਾਇਬ ਤਹਿਸੀਲਦਾਰ, ਤਿੰਨ ਪਟਵਾਰੀ, ਤਿੰਨ ਕਲਰਕ ਅਤੇ ਦੋ ਅਪਰੇਟਰ ਅਤੇ ਡਰਾਈਵਰ ਸਮੇਤ 10 ਜਣੇ ਦਫ਼ਤਰ ‘ਚ ਘੇਰ ਲਏ ਸਨ।
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕੱਲ੍ਹ ਜਥੇਬੰਦੀ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਵੱਲੋਂ ਲੰਬੀ ਦੇ ਤਹਿਸੀਲਦਾਰ ਦਾ ਘਿਰਾਓ ਕੀਤਾ ਹੋਇਆ ਸੀ, ਜਿੱਥੇ ਪੁਲਿਸ ਵੱਲੋਂ ਕਿਸਾਨਾਂ ‘ਤੇ ਅੱਧੀ ਰਾਤ ਨੂੰ ਲਾਠੀਚਾਰਜ ਕੀਤਾ ਗਿਆ, ਜਿਸ ਨਾਲ ਕਈ ਕਿਸਾਨ ਫੱਟੜ ਹੋਏ ਹਨ। ਦੂਜੇ ਪਾਸੇ ਪੁਲਿਸ ਨੇ ਲਾਠੀਚਾਰਜ ਦੇ ਦੋਸ਼ਾਂ ਨੂੰ ਨਕਾਰਿਆ ਹੈ।