ਅੰਮ੍ਰਿਤਸਰ – ਤਿੰਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈਕੇ ਕਿਸਾਨਾਂ ਵੱਲੋਂ 26 ਮਾਰਚ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। ਐਸਜੀਪੀਸੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਦਾ ਕਹਿਣਾਂ ਹੈ ਕਿ ਅਸੀਂ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਹਾਂ ਅਤੇ ਕੱਲ ਦੇ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਹੋਇਆਂ ਐਸਜੀਪੀਸੀ ਦੇ ਅਧੀਨ ਆਉਂਦੇ ਸਾਰੇ ਅਦਾਰਿਆਂ ਨੂੰ ਪੂਰਨ ਤੌਰ ਤੇ ਬੰਦ ਰੱਖਿਆ ਜਾਵੇਗਾ।
ਬੀਬੀ ਜਾਗੀਰ ਕੌਰ ਨੇ ਮੀਡੀਆ ਨੂੰ ਦੱਸਿਆ ਕਿ ਕਿਸਾਨ ਆਪਣੀਆਂ ਜਾਇਜ਼ ਮੰਗਾਂ ਨੂੰ ਲੈਕੇ ਪਿਛਲੇ ਕਈ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ , ਪਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣ ਦੀ ਬਜਾਏ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਡਟੀ ਹੋਈ ਹੈ ਤੇ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਦੇ ਨਾਲ ਖੜੀ ਰਹੇਗੀ। ਉਨ੍ਹਾਂ ਕਿਹਾ ਕਿ 26 ਮਾਰਚ ਦੇ ਭਾਰਤ ਬੰਦ ਦਾ ਅਸੀਂ ਸਮਰਥਨ ਕਰਦੇ ਹਾਂ ਅਤੇ ਕੱਲ ਸਾਡੇ ਸਾਰੇ ਅਦਾਰੇ ਬੰਦ ਰਹਿਣਗੇ।
ਜ਼ਿਕਰਯੋਗ ਹੈ ਕਿ ਕਿਸਾਨ ਜੱਥੇਬੰਦੀਆਂ ਵੱਲੋਂ 26 ਮਾਰਚ ਨੂੰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਪੂਰਨ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਮੁਤਾਬਿਕ ਉਨ੍ਹਾਂ ਨੂੰ ਵੱਖ-ਵੱਖ ਜੱਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਬੰਦ ਦੇ ਚੱਲੀਦਿਆਂ ਕੱਲ ਰੇਲ ਅਤੇ ਸੜਕ ਆਵਾਜਾਈ ਪੁਰੀ ਤਰਾਂ ਬੰਦ ਰੱਖੀ ਜਾਵੇਗੀ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਕੁੱਲ 87 ਥਾਵਾਂ ਤੇ ਧਰਨੇ ਮੁਜ਼ਾਹਰੇ ਕੀਤੇ ਜਾਣਗੇ।ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਜਲਦ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹੇ ਤਾਂਜੋ ਸੰਗਤ ਓਥੇ ਜਾ ਕੇ ਨਤਮਸਤਕ ਹੋ ਸਕੇ।