ਸਿੱਧੂ ਮੂਸੇਵਾਲਾ ਦੇ ਕਤਲ ਨਾਲ਼ ਜੁੜੇ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਨੂੰ ਕੀਨੀਆ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸਚਿਨ ਥਾਪਨ ਨੂੰ ਅਜ਼ਰਬਾਈਜਾਨ ਵਿੱਚ ਗ੍ਰਿਫਤਾਰ ਕੀਤਾ ਸੀ। ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰਕੇ ਦੱਸਿਆ ਹੈ ਫੜੇ ਗੈਂਗਸਟਰਾਂ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ। ਇਹ ਦੋਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਨਾਮਜ਼ਦ ਹਨ।
ਦੋਵਾਂ ਦੋਸ਼ੀਆਂ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ
ਕਾਬਿਲੇਗੌਰ ਹੈ ਕਿ ਸਚਿਨ ਬਿਸ਼ਨੋਈ ਨੇ 2 ਜੂਨ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਸਿੱਧੂ ਮੂਸੇਵਾਲਾ ਕਤਲੇਆਮ ਦੀ ਜ਼ਿੰਮੇਵਾਰੀ ਲਈ ਸੀ। ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਨੇ ਵੀਡੀਓ ਸੰਦੇਸ਼ ਵਿੱਚ ਆਵਾਜ਼ ਦੀ ਪੁਸ਼ਟੀ ਕੀਤੀ ਸੀ ਕਿ ਇਹ ਸਚਿਨ ਬਿਸ਼ਨੋਈ ਹੈ। ਬਾਅਦ ‘ਚ ਦਿੱਲੀ ਪੁਲਸ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਸੀ ਕਿ ਕਿਵੇਂ ਸਚਿਨ ਨੇ ਸੰਗਮ ਵਿਹਾਰ ਦੇ ਪਤੇ ‘ਤੇ ਬਣਿਆ ਜਾਅਲੀ ਪਾਸਪੋਰਟ ਬਣਾਇਆ ਅਤੇ ਅਜ਼ਰਬਾਈਜਾਨ ਭੱਜਣ ‘ਚ ਕਾਮਯਾਬ ਹੋ ਗਿਆ। ਦਿੱਲੀ ਅਤੇ ਪੰਜਾਬ ਪੁਲਿਸ ਨੇ ਸਚਿਨ ਬਿਸ਼ਨੋਈ ਬਾਰੇ ਅਜ਼ਰਬਾਈਜਾਨ ਦੇ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਸੀ।
ਪੰਜਾਬ ਪੁਲਿਸ ਅਤੇ ਵਿਦੇਸ਼ ਮੰਤਰਾਲੇ ਨੇ ਸਚਿਨ ਦੀ ਅਜ਼ਰਬਾਈਜਾਨ ਤੋਂ ਭਾਰਤ ਹਵਾਲਗੀ ਲਈ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਪੰਜਾਬ ਪੁਲਿਸ ਨੂੰ ਭੇਜੇ ਪੱਤਰ ਵਿੱਚ ਵਿਦੇਸ਼ ਮੰਤਰਾਲੇ ਨੇ ਹਵਾਲਗੀ ਵਿੱਚ ਤੇਜ਼ੀ ਲਿਆਉਣ ਲਈ ਮੁਲਜ਼ਮ ਦੇ ਅਪਰਾਧਿਕ ਇਤਿਹਾਸ, ਗ੍ਰਿਫ਼ਤਾਰੀ ਵਾਰੰਟ ਅਤੇ ਮੂਸੇਵਾਲਾ ਕਤਲ ਕੇਸ ਵਿੱਚ ਉਸ ਦੀ ਭੂਮਿਕਾ ਬਾਰੇ ਸਾਰੇ ਵੇਰਵੇ ਮੰਗੇ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇਨ੍ਹਾਂ ਵਿਦੇਸ਼ ਬੈਠ ਦੋਸ਼ੀਆ ਸਚਿਨ ਬਿਸ਼ਨੋਈ ਅਤੇ ਅਨਮੋਲ ਨੂੰ ਜਲਦ ਹੀ ਭਾਰਤ ਲਿਆਂਦਾ ਜਾਵੇਗਾ।