ਮਾਨਸਾ ਸੀਆਈਏ ਸਟਾਫ਼ ਕੋਲੋਂ ਬੀਤੀ ਰਾਤ ਗੈਂਗਸਟਰ ਦੀਪਕ ਟੀਨੂੰ ਫਰਾਰ ਹੋ ਗਿਆ ਸੀ।ਉਸ ਮਾਮਲੇ ਨੂੰ ਲੈ ਕੇ ਡੀਜੀਪੀ ਪੰਜਾਬ ਨੇ ਪੁਲਿਸ ਅਧਿਕਾਰੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਡੀਜੀਪੀ ਨੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਦਿਆਂ ਐਫ ਆਈ ਆਰ ਦਰਜ ਕਰਨ ਦੇ ਹੁਕਮ ਕੀਤੇ ਹਨ। ਜਿਸ ਤੋਂ ਬਾਅਦ ਡੀਜੀਪੀ ਦੇ ਹੁਕਮਾਂ ਤੇ ਮਾਨਸਾ ਪੁਲਿਸ ਅਧਿਕਾਰੀਆਂ ਖਿਲਾਫ ਪਰਚਾ ਦਰਜ ਕਰ ਦਿੱਤਾ ਹੈ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਆਪਣੇ ਟਵੀਟਰ ਹੈਂਡ ਰਾਹੀਂ ਦਿੱਤੀ। ਉਨ੍ਹਾ ਦੱਸਿਆ ਕਿ ਸੀਆਏ ਮੁਖੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਗ੍ਰਿਫਤਾਰ ਕਰ ਲਿਆ ਹੈ। ਇਸਦੇ ਨਾਲ ਹੀ ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਸੀਆਈਏ ਪੁਲਿਸ ਅਧਿਕਾਰੀ ਖ਼ਿਲਾਫ਼ ਆਈਪੀਸੀ ਦੀ ਧਾਰਾ 222, 224, 225ਏ, 120ਬੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡੀਜੀਪੀ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਗੈਂਗਸਟਰ ਟੀਨੂੰ ਨੂੰ ਗ੍ਰਿਫ਼ਤਾਰ ਕਰਨ ਲਈ ਪੂਰੀ ਤਰ੍ਹਾਂ ਛਾਪੇਮਾਰੀ ਕਰ ਰਹੀ ਹੈ ਅਤੇ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਪਜਾਬੰ ਦੇ ਚੱਪੇ ਚੱਪੇ ‘ਤੇ ਤੈਨਾਤ ਕਰ ਦਿੱਤਾ ਗਿਆ ਹੈ।
ਮੰਤਰੀ ਨੇ ਦਿੱਤਾ ਅਜੀਬ ਬਿਆਨ
ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ‘ਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅਜਿਹੀਆਂ ਛੋਟੀਆਂ-ਛੋਟੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ। ਉਨ੍ਹਾਂ ਦੇ ਇਸ ਬਿਆਨ ਉੱਪਰ ਪੱਤਰਕਾਰ ਹੈਰਾਨ ਹੋਏ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਤੇ ਜੋ ਵੀ ਪੁਲਿਸ ਮੁਲਾਜ਼ਮ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ
ਪੁਲਿਸ ਐਨਕਾਊਂਟਰ ਕਰਨਾ ਚਾਹੁੰਦੀ-ਵਕੀਲ
ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਵਕੀਲ ਨੇ ਵੱਡਾ ਦਾਅਵਾ ਕੀਤਾ ਹੈ। ਦੀਪਕ ਟੀਨੂੰ ਦੇ ਵਕੀਲ ਦੀਪਕ ਚੋਪੜਾ ਨੇ ਕਿਹਾ ਹੈ ਕਿ ਕਿ ਪੰਜਾਬ ਪੁਲਿਸ ਦੀ ਇਹ ਬਹੁਤ ਵੱਡੀ ਸਾਜਿਸ਼ ਹੈ। ਪੰਜਾਬ ਪੁਲਿਸ ਦੀਪਕ ਟੀਨੂੰ ਦਾ ਐਨਕਾਊਂਟਰ ਕਰਨਾ ਚਾਹੁੰਦੀ ਹੈ। ਇਸ ਲਈ ਇਹ ਸਾਰੀ ਪਲਾਨਿੰਗ ਘੜੀ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਖਿਲਾਫ ਪੰਜਾਬ ਤੇ ਹਰਿਆਣਾ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕਰਾਂਗਾ