ਨਵੀਂ ਦਿੱਲੀ- ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਜਾਰੀ ਕਲੇਸ਼ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਸਣੇ ਕਈ ਹੋਰ ਨੇਤਾਵਾਂ ਦਰਮਿਆਨ ਚੱਲ ਰਹੇ ਵਿਵਾਦ ਨੂੰ ਖਤਮ ਕਰਨ ਲਈ 20 ਜੂਨ ਨੂੰ ਦਿੱਲੀ ਵਿੱਚ ਇੱਕ ਮੀਟਿੰਗ ਸੱਦੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ਵਿਚ ਪਾਰਟੀ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਸਾਰੇ ਨੇਤਾਵਾਂ ਨਾਲ ਸਿੱਧੀ ਗੱਲਬਾਤ ਕਰੇਗੀ ਅਤੇ ਪੰਜਾਬ ਕਾਂਗਰਸ ਦੇ ਚੋਟੀ ਦੇ ਨੇਤਾਵਾਂ ਦਰਮਿਆਨ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰੇਗੀ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਜਿਸ ਤਰ੍ਹਾਂ ਪੰਜਾਬ ਕਾਂਗਰਸ ਦੇ ਅੰਦਰ ਨੇਤਾਵਾਂ ਵਿਚ ਅਸੰਤੁਸ਼ਟੀ ਨਜ਼ਰ ਆ ਰਹੀ ਹੈ, ਇਸਦਾ ਸਿੱਧਾ ਅਸਰ ਚੋਣਾਂ ‘ਤੇ ਵੀ ਦਿਖਾਈ ਦੇ ਰਿਹਾ ਹੈ। ਪਿਛਲੇ ਕਈ ਮਹੀਨਿਆਂ ਤੋਂ ਪਾਰਟੀ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹਿਆ ਹੈ। ਜੇ ਸੂਤਰਾਂ ਦੀ ਮੰਨੀਏ ਤਾਂ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਲ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਨੇ ਸਿੱਧੂ ਨੂੰ ਡਿਪਟੀ ਸੀਐਮ ਦਾ ਅਹੁਦਾ ਦੇਣ ‘ਤੇ ਵੀ ਇਤਰਾਜ਼ ਜਤਾਇਆ ਹੈ।
ਨਵਜੋਤ ਸਿੰਘ ਸਿੱਧੂ ਪਹਿਲਾਂ ਹੀ ਕਾਂਗਰਸ ਕਮੇਟੀ ਨਾਲ ਗੱਲਬਾਤ ਦੌਰਾਨ ਕਹਿ ਚੁੱਕੇ ਹਨ ਕਿ ਜੇ ਉਹ ਆਪਣੇ ਅਹੁਦੇ ‘ਤੇ ਪਰਤ ਜਾਂਦੇ ਹਨ ਤਾਂ ਵੀ ਉਹ ਕੈਪਟਨ ਨਾਲ ਕੰਮ ਕਰਨਾ ਠੀਕ ਮਹਿਸੂਸ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਆਉਣ ਵਿੱਚ ਇੱਕ ਸਾਲ ਤੋਂ ਵੀ ਘੱਟ ਦਾ ਸਮਾਂ ਬਾਕੀ ਹੈ ਅਤੇ ਹੁਣ ਤੱਕ ਮੁੱਖ ਮੰਤਰੀ ਜਨਤਾ ਅਤੇ ਪਾਰਟੀ ਨੇਤਾਵਾਂ ਨਾਲ ਕੋਈ ਸਬੰਧ ਨਹੀਂ ਵੇਖਦੇ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦਾ ਪਰਛਾਵਾਂ ਅਜੇ ਵੀ ਪੰਜਾਬ ਸਰਕਾਰ ‘ਤੇ ਨਜ਼ਰ ਆ ਰਿਹਾ ਹੈ।
ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਵਿਦਰੋਹੀ ਵਤੀਰਾ ਦਿਖਾਇਆ ਹੈ, ਉਸ ਨਾਲ ਪੰਜਾਬ ਵਿੱਚ ਕਾਂਗਰਸ ਮੁਸੀਬਤ ਵਿੱਚ ਪ੍ਰਤੀਤ ਹੁੰਦੀ ਹੈ। ਸੂਤਰਾਂ ਅਨੁਸਾਰ ਕਮੇਟੀ ਵੱਲੋਂ ਪੇਸ਼ ਕੀਤੀ ਰਿਪੋਰਟ ਨੂੰ ਵੇਖਦਿਆਂ ਹੀ ਸੋਨੀਆ ਗਾਂਧੀ ਨੇ ਦੋਵਾਂ ਨੇਤਾਵਾਂ ਸਮੇਤ ਕਈ ਹੋਰ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਹੈ ਤਾਂ ਜੋ ਪੰਜਾਬ ਕਾਂਗਰਸ ਵਿੱਚ ਨੇਤਾਵਾਂ ਦਰਮਿਆਨ ਚੱਲ ਰਹੀ ਫੁੱਟ ਦਾ ਹੱਲ ਹੋ ਸਕੇ ਅਤੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਤੇਜ਼ ਕੀਤੀ ਜਾਵੇ।
PUNJAB




INDIA








WORLD










