ਪੰਜਾਬ ਦੀ ਭਗਵੰਤ ਮਾਨ ਸਰਕਾਰ ਲਗਾਤਾਰ ਭ੍ਰਿਸ਼ਟਾ ਲੋਕਾਂ ਨੂੰ ਫੜਨ ਲਈ ਕਾਰਵਾਈਆਂ ਕਰ ਰਹੀ ਹੈ। ਪੰਜਾਬ ਦੇ ਮੋਗਾ ਜ਼ਿਲ੍ਹੇ ਅੰਦਰ ਆਉਂਦੇ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਬੀਤੇ ਦਿਨ ਵਿਜੀਲੈਂਸ ਨੇ ਮਾਲ ਪਟਵਾਰੀ ਖਿਲਾਫ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠਾਂ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਹੈ ਕਿ ਨਿਹਾਲ ਸਿੰਘ ਵਿੱਚ ਤਾਇਨਾਤ ਮਾਲ ਪਟਵਾਰੀ ਖਿਲਾਫ ਆਨਲਾਈਨ ਸ਼ਿਕਾਇਤ ਮਿਲੀ ਸੀ ਜਿਸ ਤੋਂ ਬਾਅਦ ਵਿਜੀਲੈਂਸ ਵੱਲੋਂ ਜਾਂਚ ਕਰਨ ਤੋਂ ਮਗਰੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਛਿੰਦਰਪਾਲ ਕੌਰ ਵਾਸੀ ਰਾਏਕੋਟ ਜ਼ਿਲ੍ਹਾ ਲੁਧਿਆਣਾ ਨੇ ਇਲਜ਼ਾਮ ਲਗਾਇਆ ਸੀ ਕਿ ਉਕਤ ਪਟਵਾਰੀ ਨੇ ਉਸ ਦੀ ਮਾਤਾ ਦੀ ਮੌਤ ਤੋਂ ਬਾਅਦ ਜ਼ਮੀਨ ਦਾ ਇੰਤਕਾਲ ਕਰਨ ਦੇ ਬਦਲੇ ਉਸ ਦੇ ਪਤੀ ਤੋਂ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਦੋਸ਼ੀ ਪਟਵਾਰੀ ਪਹਿਲਾਂ ਹੀ 10,000 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਅਤੇ ਬਾਕੀ ਦੇ ਹੋਰ ਪੈਸੇ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਹੈ ਅਤੇ ਸ਼ਿਕਾਇਤ ਸਮੇਤ ਵਿਜੀਲੈਂਸ ਬਿਊਰੋ ਨੂੰ ਮੁਹੱਈਆ ਕਰਵਾ ਦਿੱਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਬਿਓਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ ਮਾਲ ਪਟਵਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।