ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਉਸ ਦੇ ਨੇੜੇ ਦੇ ਸਾਥੀ ਰਹੇ ਦਲਜੀਤ ਕਲਸੀ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਐਨ ਐਸ ਏ ਲਾ ਕੇ ਸਿੱਧਾ ਅਸਾਮ ਦੀ ਜੇਲ੍ਹ ਡਿਬਰੂਗੜ੍ਹ ਵਿੱਚ ਭੇਜ ਦਿੱਤਾ ਸੀ। ਉਸ ਦੇ ਵਿਰੋਧ ਵਿੱਚ ਸਰਬਜੀਤ ਉਰਫ ਦਲਜੀਤ ਕਲਸੀ ਦੀ ਪਤਨੀ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਈ ਹੈ। ਪਟੀਸ਼ਨ ਵਿੱਚ ਦਲਜੀਤ ਕਲਸੀ ਨੂੰ ਕੋਰਟ ਵਿੱਚ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਦਰਅਸਲ ਦਲਜੀਤ ਕਲਸੀ ਨੂੰ 19 ਮਾਰਚ ਨੂੰ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਗਿਆ ਸੀ।ਸਰਬਜੀਤ ਕਲਸੀ ਦੀ ਪਤਨੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਜਲਦ ਹੀ ਸੁਣਵਾਈ ਹੋ ਸਕਦੀ ਹੈ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋ ਅਜੇ ਤੱਕ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ।ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਅਜੇ ਤੱਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਉਸ ਨੂੰ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਦੂਜੇ ਪਾਸੇ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਅੰਮ੍ਰਿਤਪਾਲ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ ਅਤੇ ਅਦਾਲਤ ਵਿੱਚ ਪੇਸ਼ ਨਹੀਂ ਕਰ ਰਹੀ। ਜਿਸ ਨੂੰ ਲੈ ਕੇ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ। ਅੰਮ੍ਰਿਤਪਾਲ ਦੇ ਵਕੀਲ ਨੇ ਹੈਬੀਅਸ ਕਾਰਪਸ ਰਿੱਟ ਦਾਇਰ ਕਰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ‘ਚ ਰੱਖਿਆ ਜਾ ਰਿਹਾ ਹੈ। ਜਿਸ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਜਵਾਬ ਮੰਗਿਆ ਹੈ।