ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਅੰਦਰ ਆਉਂਦੇ ਹਲਕਾ ਕੋਟਕਪੂਰਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਗੋਲੀ ਕਾਂਡ ਹੋਇਆ ਸੀ। ਉਸ ਮੌਕੇ 2 ਸਿੱਖ ਨੌਜਵਾਨ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋ ਗਏ ਸਨ। ਉਸ ਕੇਸ ਨੂੰ ਲੈ ਕੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਅੱਜ ਫਰੀਦਕੋਟ ਅਦਾਲਤ ਵਿੱਚ ਪੇਸ਼ੀ ਭੁਗਤਣ ਲਈ ਆਏ। ਜਿਸ ਦੌਰਾਨ ਪ੍ਰਸ਼ਾਸਨ ਵੱਲੋਂ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਪੇਸ਼ੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਰਕਰ ਵੀ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਸਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਅੱਜ ਫਰੀਦਕੋਟ ਅਦਾਲਤ ਵਿੱਚ ਪਹਿਲੀ ਵਾਰ ਪੇਸ਼ ਹੋਏ ਤੇ ਆਪਣੇ ਜ਼ਮਾਨਤੀ ਬੌਂਡ ਭਰ ਕੇ ਬਾਹਰ ਆਏ। ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਐਸ ਆਈ ਟੀ ਨੇ ਤਤਕਾਲੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਸਾਜ਼ਿਸ਼ ਰਚਣ ਦੇ ਮੁੱਖ ਦੋਸ਼ੀ ਦੇ ਰੂਪ ਵਿੱਚ ਰੱਖਿਆ ਹੋਇਆ ਹੈ। ਵਿਸ਼ੇਸ਼ ਜਾਂਚ ਟੀਮ ਨੇ 24 ਫਰਵਰੀ ਨੂੰ ਅਦਾਲਤ ਵਿੱਚ ਦੋਨਾਂ ਬਾਦਲਾਂ ਸਮੇਤ 6 ਵਿਅਕਤੀਆਂ ਖਿਲਾਫ ਚਲਾਨ ਪੇਸ਼ ਕੀਤਾ ਸੀ।
ਫਰੀਦਕੋਟ ਅਦਾਲਤ ’ਚ ਪੇਸ਼ੀ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਪਹਿਲਾਂ ਬਿਆਨ ਸਾਹਮਣੇ ਆਇਆ। ਉਨ੍ਹਾਂ ਨੇ ਕਿਹਾ ਕਿ ਝੂਠਾ ਕੇਸ ਪਾਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ, ਝੂਠੇ ਕੇਸਾਂ ਤੋਂ ਡਰਦੀ ਨਹੀਂ ਹੈ। ਸਾਨੂੰ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਵੀ ਕੀਤਾ। ਉਨ੍ਹਾਂ ਕਿਹਾ ਕਿ ਉਹ ਮੀਡੀਆ ਖਾਸਕਰ ਰਾਸ਼ਟਰੀ ਇਲੈਕਟ੍ਰਾਨਿਕ ਮੀਡੀਆ ਨੂੰ ਅਪੀਲ ਕਰਦਾ ਹਾਂ ਕਿ ਉਹ ਦੇਸ਼ ਭਗਤ ਸਿੱਖ ਕੌਮ ਦੇ ਖਿਲਾਫ ਚੱਲ ਰਹੀ ਬਦਨਾਮੀ ਮੁਹਿੰਮ ਨੂੰ ਬੰਦ ਕਰਨ। ਇਹ ਸਾਡਾ ਦੇਸ਼ ਹੈ। ਅਸੀਂ ਇਸ ਦੀ ਆਜ਼ਾਦੀ ਅਤੇ ਰੱਖਿਆ ਲਈ ਖੂਨ ਵਹਾਇਆ ਹੈ। ਸਾਨੂੰ ਕਿਸੇ ਤੋਂ ਦੇਸ਼ ਭਗਤੀ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ।