ਪੰਜਾਬ ਵਿੱਚ ਵਾਰਿਸ ਪੰਜਾਬ ਦੇ ਮੁਖੀ ਤੇ ਪੰਜਾਬ ਸਰਕਾਰ ਵੱਲੋਂ ਕਾਰਵਾਈ ਕਰਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਨੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਵਿਦੇਸ਼ਾਂ ਵਿੱਚ ਬੈਠੇ ਲੋਕਾਂ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਸਰਕਾਰ ਦੀ ਕੀਤੀ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਲੰਡਨ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਖਾਲਿਸਤਾਨ ਸਮਰਥਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ ਦਿੱਲੀ ਪੁਲਿਸ ਨੇ ਇੰਗਲੈਂਡ ਵਿੱਚ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਯੂਏਪੀਏ ਤੇ ਪੀਡੀਪੀਪੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਜਿਹੇ ਲੋਕਾਂ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ ਜੋ ਭਾਰਤ ਦੇ ਨਾਗਰਿਕ ਹਨ ਤੇ ਬਾਹਰ ਰਹਿੰਦੇ ਹਨ ਤੇ ਭਾਰਤ ਵਿਰੋਧੀ ਪ੍ਰਦਰਸ਼ਨ ਦਾ ਹਿੱਸਾ ਰਹੇ ਹਨ।
ਹੁਣ ਤੱਕ 207 ਵਿਅਕਤੀ ਪੁਲਿਸ ਹਿਰਾਸਤ ‘ਚ
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਅੱਠ ਪੁਲਿਸ ਕੇਸ ਦਰਜ ਕੀਤੇ ਹਨ। ਪੁਲਿਸ ਨੇ ਦੱਸਿਆ ਹੈ ਕਿ ਹੁਣ ਤੱਕ 207 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ’ਚੋਂ 30 ਵਿਅਕਤੀਆਂ ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ ਦਰਜ ਕੀਤੇ ਗਏ ਹਨ ਜਦੋਂਕਿ 177 ਜਣਿਆ ਨੂੰ ਧਾਰਾ 107,151 ਤਹਿਤ ਹੀ ਹਿਰਾਸਤ ’ਚ ਰੱਖਿਆ ਹੈ।
ਵੱਡੇ ਪੱਧਰ ਉੱਪਰ ਗ੍ਰਿਫਤਾਰੀਆਂ ਕਰਕੇ ਪੁਲਿਸ ਤੰ ਪੰਜਾਬ ਸਰਕਾਰ ਖਿਲਾਫ ਲੋਕਾਂ ਵਿੱਚ ਰੋਸ ਵਧਣ ਲੱਗਾ ਹੈ। ਸੋਸ਼ਲ ਮੀਡੀਆ ਉੱਪਰ ਗ੍ਰਿਫਤਾਰੀਆਂ ਉੱਪਰ ਸਵਾਲ ਉਠਾਏ ਜਾ ਰਹੇ ਹਨ। ਸਿਆਸੀ ਪਾਰਟੀਆਂ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਕਰਕੇ ਸਿਆਸੀ ਤੌਰ ’ਤੇ ਪੰਜਾਬ ਵਿੱਚ ਸਰਕਾਰ ਪ੍ਰਤੀ ਅਜਿਹਾ ਨਜ਼ਰੀਆ ਬਣਨਾ ਸ਼ੁਰੂ ਹੋ ਗਿਆ ਹੈ ਕਿ ਪੰਜਾਬ ਪੁਲਿਸ ਸੂਬੇ ਦੇ ਬੇਕਸੂਰ ਨੌਜਵਾਨਾਂ ਨੂੰ ਫੜ ਰਹੀ ਹੈ।