ਪੰਜਾਬ ਦੀ ਕਾਂਗਰਸ ਸਰਕਾਰ ਦੌਰਾਨ ਰਹੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਨਾਲ ਜੁੜੇ ਮਾਮਲੇ ਵਿੱਚ ਵਿਜੀਲੈਂਸ ਵਿਭਾਗ ਨੇ ਤਲਬ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਵਿਜੀਲੈਂਸ ਵਿਭਾਗ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ 21 ਅਪ੍ਰੈਲ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਹੈ।
ਦੱਸ ਦਈਏ ਕਿ ਕਰੀਬ 1 ਮਹੀਨਾ ਪਹਿਲਾਂ ਬਲਬੀਰ ਸਿੰਘ ਸਿੱਧੂ ਦੀ ਜਾਇਦਾਦ ਅਤੇ ਉਨ੍ਹਾਂ ਦੇ ਖਾਤੇ ਦੀ ਜਾਂਚ ਸ਼ੁਰੂ ਹੋਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਵੱਲੋਂ ਬਲਬੀਰ ਸਿੱਧੂ ਦੇ ਕਈ ਰਿਕਾਰਡ ਮੰਗਵਾਏ ਗਏ ਹਨ, ਹੁਣ 21 ਤਰੀਕ ਨੂੰ ਉਨ੍ਹਾਂ ਦੀ ਕਰਾਸ ਚੈਕਿੰਗ ਕੀਤੀ ਜਾਵੇਗੀ।
ਬਲਬੀਰ ਸਿੰਘ ਸਿੱਧੂ ਇਸ ਸਮੇਂ ਜਲੰਧਰ ਉਪ ਚੋਣ ਵਿੱਚ ਆਪਣੀ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ। ਬਲਬੀਰ ਸਿੱਧੂ ਕਾਂਗਰਸ ਸਰਕਾਰ ਦੇ ਸਾਬਕਾ ਮੰਤਰੀਆਂ ਦੀ ਲੰਬੀ ਸੂਚੀ ਵਿੱਚ ਸ਼ਾਮਲ ਹਨ ਜੋ ਵਿਜੀਲੈਂਸ ਬਿਊਰੋ ਦੁਆਰਾ ਵੱਖ-ਵੱਖ ਜਾਂਚਾਂ ਦਾ ਸਾਹਮਣਾ ਕਰ ਰਹੇ ਹਨ। ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਬਲਬੀਰ ਸਿੰਘ ਸਿੱਧੂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ।