ਪੰਜਾਬ ਵਿੱਚ ਪਿਛਲੇ ਇੱਕ ਮਹੀਨੇ ਤੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਲਈ ਚਾਰਾਜੋਈ ਕੀਤੀ ਜਾ ਰਹੀ ਸੀ। ਪਰ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਸੀ। ਅੱਜ ਅੰਮ੍ਰਿਤਪਾਲ ਸਿੰਘ ਨੇ ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲੇ ਦੇ ਜੱਦੀ ਪਿੰਡ ਰੋਡੇ ਤੋਂ ਆਪ ਗ੍ਰਿਫਤਾਰੀ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਬੀਤੀ ਰਾਤ ਬਾਰਾਂ ਵਜੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਜਨਮ ਸਥਾਨ ਸੰਤ ਖਾਲਸਾ ਗੁਰਦੁਆਰਾ ਸਾਹਿਬ ਪਹੁੰਚਿਆ ਤੇ ਉਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਵੀ ਪਹੁੰਚ ਗਏ ਸਨ। ਅੰਮ੍ਰਿਤਪਾਲ ਸਿੰਘ ਨੇ ਗ੍ਰਿਫਤਾਰੀ ਦੇਣ ਤੋਂ ਪਹਿਲਾਂ ਪਾਠ ਕੀਤਾ ਤੇ ਸੰਗਤਾਂ ਨੂੰ ਸੰਬੋਧਨ ਵੀ ਕੀਤਾ ਤੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਤੇ ਲੋਕਾਂ ਨੂੰ ਅੰਮ੍ਰਿਤ ਛਕਣ ਦੀ ਅਪੀਲ ਕੀਤੀ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਆਖਿਆ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਆਪਣਾ ਸਾਰਾ ਸਮਾਨ ਇੱਕ ਕਿੱਟ ਵਿੱਚ ਪਾ ਕੇ ਨਾਲ ਲਈ ਤੇ ਗ੍ਰਿਫਤਾਰੀ ਦਿੱਤੀ। ਜਿਸ ਤੋਂ ਬਾਅਦ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਸਿੱਧਾ ਬਠਿੰਡਾ ਪਹੁੰਚ ਗਈ ਤੇ ਉਥੋਂ ਬਾਏ ਏਅਰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਦੱਸਿਆ ਹੈ ਕਿ ਅੰਮ੍ਰਿਤਪਾਲ ਨੇ ਸਰੰਡਰ ਕੀਤਾ ਹੈ। ਅੰਮ੍ਰਿਤਪਾਲ ਰਾਤ ਤੋਂ ਹੀ ਇਥੇ ਪਿੰਡ ਰੋਡੇ ਦੇ ਗੁਰੂ ਘਰ ਪਹੁੰਚਿਆ ਸੀ। ਉਸ ਨੇ ਇਸ਼ਨਾਨ ਕੀਤਾ, ਪੰਜਾਂ ਬਾਣੀਆਂ ਦਾ ਪਾਠ ਕੀਤਾ ਤੇ ਇਸ ਤੋਂ ਬਾਅਦ ਸੰਗਤ ਨੂੰ ਸੰਬੋਧਨ ਕੀਤਾ।ਸਾਬਕਾ ਜਥੇਦਾਰ ਨੇ ਦੱਸਿਆ ਕਿ ਪੁਲਿਸ ਨੂੰ ਰਾਤ ਹੀ ਜਾਣਕਾਰੀ ਦੇ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਖੁਦ ਆਤਮ ਸਮਰਪਣ ਦਾ ਮਨ ਬਣਾਇਆ ਸੀ ਤੇ ਉਹ ਰਾਤ ਹੀ ਗੁਰਦੁਆਰਾ ਸਾਹਿਬ ਪਹੁੰਚੇ ਸਨ।