ਬੀਤੀ ਰਾਤ ਅੱਠ ਵਜੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਦੇਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨਾਲ ਨੇੜਤਾ ਰੱਖਣ ਵਾਲੇ ਦੇਸ਼ ਭਰ ਦੇ ਵੱਡੇ ਲੀਡਰਾਂ ਵੱਲੋਂ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਵੰਡਾਉਣ ਲਈ ਟਵੀਟ ਕੀਤੇ ਜਾ ਰਹੇ ਹੈ। ਬੀਤੀ ਰਾਤ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦਾ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਆਪਣੇ ਟਵਿੱਟਰ ਹੈਂਡਲ ਤੇ ਪ੍ਰਕਾਸ਼ ਸਿੰਘ ਬਾਦਲ ਦੇ ਆਪਣੇ ਨਾਲ ਸਮੇਂ ਦੀਆਂ ਯਾਦ ਨੂੰ ਤਾਜ਼ਾ ਕਰਦਿਆਂ ਤਸਵੀਰ ਸਾਂਝੀ ਕੀਤੀ ਤੇ ਪ੍ਰਧਾਨ ਮੰਤਰੀ ਨੇ ਟਵਿਟਰ ਤੇ ਲਿਖਿਆ ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਨਾਲ ਮੇਰੇ ਲਈ ਨਿੱਜੀ ਘਾਟਾ ਹੈ। ਪੀਐਮ ਮੋਦੀ ਨੇ ਕਿਹਾ, “ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦੇਹਾਂਤ ਤੋਂ ਬਹੁਤ ਦੁਖ ਹੋਇਆ। ਉਹ ਭਾਰਤੀ ਰਾਜਨੀਤੀ ਦੀ ਮਹਾਨ ਸ਼ਖਸੀਅਤ ਸਨ। ਉਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਔਖੇ ਸਮੇਂ ਵਿੱਚ ਸੂਬੇ ਦਾ ਸਾਥ ਦਿੱਤਾ।
ਪੀਐਮ ਮੋਦੀ ਨੇ ਅੱਗੇ ਕਿਹਾ, “ਪ੍ਰਕਾਸ਼ ਸਿੰਘ ਬਾਦਲ ਦਾ ਜਾਣਾ ਮੇਰੇ ਲਈ ਨਿੱਜੀ ਘਾਟਾ ਹੈ। ਮੈਂ ਕਈ ਦਹਾਕਿਆਂ ਤੋਂ ਉਨ੍ਹਾਂ ਨਾਲ ਨੇੜਿਓਂ ਜੁੜਿਆ ਹੋਇਆ ਹਾਂ ਅਤੇ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ। ਮੈਨੂੰ ਕਈ ਵਾਰਤਾਲਾਪ ਯਾਦ ਹਨ, ਜਿਨ੍ਹਾਂ ਵਿਚ ਉਨ੍ਹਾਂ ਦੀ ਬੁੱਧੀਮਾਨੀ ਹਮੇਸ਼ਾ ਸਾਫ਼ ਦਿਖਾਈ ਦਿੰਦੀ ਸੀ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਪ੍ਰਤੀ ਮੇਰੀ ਸੰਵੇਦਨਾ ਹੈ।
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ 95 ਸਾਲਾਂ ਦੇ ਸਨ। ਉਨ੍ਹਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਕਰੀਬ ਇੱਕ ਹਫ਼ਤਾ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਬਾਦਲ ਨੇ ਅੱਜ ਰਾਤ ਕਰੀਬ 8 ਵਜੇ ਆਖਰੀ ਸਾਹ ਲਿਆ।