ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਵਾਉਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ। ਜਿਸ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਫਾਂਸੀ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਨੂੰ ਜਲਦ ਫੈਸਲਾ ਲੈਣ ਦੇ ਹੁਕਮ
ਮਿਲੀ ਜਾਣਕਾਰੀ ਮੁਤਾਬਿਕ ਸੁਪਰੀਮ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੀ ਨੂੰ ਜਲਦ ਫੈਸਲਾ ਲੈਣ ਦੇ ਹੁਕਮ ਵੀ ਦਿੱਤੇ ਹਨ। ਦੱਸ ਦਈਏ ਕਿ ਸਾਲ 2012 ਤੋਂ ਕੇਂਦਰ ਸਰਕਾਰ ਕੋਲ ਰਾਜੋਆਣਾ ਦੀ ਰਹਿਮ ਦੀ ਅਪੀਲ ਪੈਂਡਿੰਗ ਪਈ ਹੈ। ਬੇਅੰਤ ਸਿੰਘ ਕਤਲ ਮਾਮਲੇ ’ਚ ਸਾਲ 2007 ਜੁਲਾਈ ਚ ਰਾਜੋਆਣਾ ਨੂੰ ਕੋਰਟ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ।
ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੀ ਸੁਰੱਖਿਅਤ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਵੱਲੋਂ ਸੁਣਵਾਈ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ, ਮਾਮਲੇ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।