ਪੰਜਾਬ ਦੀ ਮਾਨ ਸਰਕਾਰ ਹਰਰੋਜ਼ ਰਿਸ਼ਵਤ ਨੂੰ ਲੈ ਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੇ ਜਿਹੜੇ ਦਲਾਲੀ ਕਰਦੇ ਹਨ। ਉਨ੍ਹਾਂ ਨੂੰ ਚਿਤਾਵਨੀਆਂ ਦਿੱਤੀਆਂ ਜਾਂਦੀਆਂ ਹਨ। ਭ੍ਰਿਸ਼ਟਾਚਾਰ ਨੂੰ ਬੰਦ ਕਰ ਦੇਵੋ,ਪਰ ਫਿਰ ਵੀ ਕੁੱਝ ਢੀਠ ਕਿਸਮ ਦੇ ਲੋਕ ਭ੍ਰਿਸ਼ਟਾਚਾਰ ਕਰਨੋ ਬਾਜ ਨਹੀਂ ਆ ਰਹੇ। ਪਰ ਮਾਨ ਸਰਕਾਰ ਵੱਲੋਂ ਪੰਜਾਬ ਦੀ ਵਿਜੀਲੈਂਸ ਵਿਭਾਗ ਰਾਹੀਂ ਭ੍ਰਿਸ਼ਟਾਚਾਰੀਆਂ ਨੂੰ ਲਗਾਤਾਰ ਫੜਿਆ ਵੀ ਜਾ ਰਿਹਾ ਹੈ। ਗੁਰਦਾਸਪੁਰ ਵਿੱਚ ਜਿੰਮ ਸਪਲੀਮੈਂਟ ਦੀ ਦੁਕਾਨ ਚਲਾਉਣ ਵਾਲੇ ਨੂੰ ਇੱਕ ਸਿਪਾਹੀ ਦੀ ਦਲਾਲੀ ਕਰਨ ਦੇ ਚੱਕਰ ਵਿੱਚ ਵਿਜੀਲੈਂਸ ਵਿਭਾਗ ਨੇ ਮੌਕੇ ਤੇ ਸਿਪਾਹੀ ਮੋਹਿਤ ਬੇਦੀ ਲਈ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿਪਾਹੀ ਮੋਹਿਤ ਬੇਦੀ, ਸਪੈਸ਼ਲ ਟਾਸਕ ਫੋਰਸ ਬਟਾਲਾ ਦੀ ਟੀਮ ਵਿੱਚ ਕੰਮ ਕਰਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤਕਰਤਾ ਮਹਿਲਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਐਸ.ਟੀ.ਐਫ. ਬਟਾਲਾ ਦੀ ਪੁਲਿਸ ਟੀਮ ਨੇ ਸੋਮਵਾਰ ਨੂੰ ਉਕਤ ਜਿੰਮ ਵਿੱਚ ਛਾਪਾ ਮਾਰਿਆ ਅਤੇ ਉਸਦੇ ਪਤੀ ਨੂੰ ਜਿੰਮ ਵਿੱਚੋਂ ਗ੍ਰਿਫ਼ਤਾਰ ਕਰ ਲਿਆ । ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਐਸ.ਟੀ.ਐਫ. ਦੀ ਟੀਮ ਨੇ ਉਨ੍ਹਾਂ ਦੇ ਘਰ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਪਰ ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ।
ਮਹਿਲਾ ਨੇ ਦੋਸ਼ ਲਾਇਆ ਕਿ ਉਸਦੇ ਪਤੀ ਨੂੰ ਗ੍ਰਿਫ਼ਤਾਰ ਕਰਨ ਦੇ ਕਾਰਨ ਬਾਰੇ ਪੁੱਛੇ ਜਾਣ ‘ਤੇ, ਸਿਪਾਹੀ ਮੋਹਿਤ ਨੇ ਉਸਨੂੰ ਉਕਤ ਦੁਕਾਨਦਾਰ ਅਮਨ, ਜੋ ਕਿ ਉਸਦੇ ਪਤੀ ਦਾ ਦੋਸਤ ਵੀ ਹੈ, ਨੂੰ ਮਿਲਣ ਲਈ ਕਿਹਾ ਤਾਂ ਜੋ ਉਸਦੇ ਪਤੀ ਨੂੰ ਬਿਨ੍ਹਾਂ ਕਿਸੇ ਅਪਰਾਧਿਕ ਮੁਕੱਦਮਾ ਦਰਜ ਕੀਤਿਆਂ ਰਿਹਾਅ ਕਰਾਇਆ ਜਾ ਸਕੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੁਕਾਨਦਾਰ ਅਮਨ ਨੇ ਉਸਨੂੰ 10 ਲੱਖ ਰੁਪਏ ਰਿਸ਼ਵਤ ਦਾ ਪ੍ਰਬੰਧ ਕਰਨ ਅਤੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਪੁਲਿਸ ਮੁਲਾਜ਼ਮ ਮੋਹਿਤ ਨੂੰ ਦੇਣ ਲਈ ਕਿਹਾ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਦੋਸ਼ੀ ਦੁਕਾਨਦਾਰ ਅਮਨ ਨੂੰ ਦੋ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਸਿਪਾਹੀ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।