ਭਾਰਤ ਹੀ ਨਹੀਂ ਦੁਨੀਆਂ ਭਰ ਵਿੱਚ ਕਿਸਾਨਾਂ ਦੇ ਟਰੈਕਟਰ ਪ੍ਰਦਰਸ਼ਨ ਹੋ ਰਹੇ ਹਨ। ਫਰਾਂਸ ਤੋਂ ਬਾਅਦ ਹੁਣ ਸਪੇਨ ਵਿੱਚ ਹਜ਼ਾਰਾਂ ਕਿਸਾਨ ਟਰੈਕਟਰਾਂ ਨਾਲ ਸੜਕਾਂ ਉੱਪਰ ਉੱਤਰੇ ਹੋਏ ਹਨ। ਟਰੈਕਟਰ ਪ੍ਰਦਰਸ਼ਨਾਂ ਕਰਕੇ ਹਾਈਵੇਅ ਜਾਮ ਕੀਤੇ ਜਾ ਰਹੇ ਹਨ ਜਿਸ ਨਾਲ ਆਵਾਜਾਈ ਠੱਪ ਹੋ ਕੇ ਰਹਿ ਗਈ ਹੈ। ਇਨ੍ਹਾਂ ਪ੍ਰਦਰਸ਼ਨਾਂ ਦਾ ਮੁੱਖ ਮਕਸਦ ਯੂਰਪੀਅਨ ਯੂਨੀਅਨ ਦੀਆਂ ਖੇਤੀ ਨੀਤੀਆਂ ਵਿੱਚ ਬਦਲਾਅ ਦੀ ਮੰਗ ਤੇ ਉਤਪਾਦਨ ਲਾਗਤ ਵਿੱਚ ਵਾਧੇ ਤੇ ਗੰਭੀਰ ਸੋਕੇ ਦੇ ਟਾਕਰੇ ਲਈ ਸਰਕਾਰ ਨੂੰ ਜਗਾਉਣਾ ਹੈ। ਪ੍ਰਦਰਸ਼ਨਾਂ ਕਾਰਨ ਕਈ ਮੁੱਖ ਰਾਸ਼ਟਰੀ ਰਾਜ ਮਾਰਗਾਂ ਨੂੰ ਜਾਮ ਕਰ ਦਿੱਤਾ ਗਿਆ।
ਸਰਕਾਰੀ ਸਮਾਚਾਰ ਏਜੰਸੀ ਈਫੇ ਨੇ ਕਿਹਾ ਕਿ ਇਕ ਹਜ਼ਾਰ ਟਰੈਕਟਰ ਹੌਲੀ-ਹੌਲੀ ਬਾਰਸੀਲੋਨਾ ਦੇ ਸ਼ਹਿਰ ਦੇ ਕੇਂਦਰ ਵੱਲ ਜਾ ਰਹੇ ਸਨ ਜਿਸ ਕਾਰਨ ਸਪੇਨ ਦੇ ਕੈਟਾਲੋਨੀਆ ਖੇਤਰ ਦੀ ਉੱਤਰ-ਪੂਰਬੀ ਬੰਦਰਗਾਹ ਦੀ ਰਾਜਧਾਨੀ ਦੀਆਂ ਸੜਕਾਂ ’ਤੇ ਵੱਡਾ ਟਰੈਫਿਕ ਜਾਮ ਹੋ ਗਿਆ। ਹਜ਼ਾਰਾਂ ਲੋਕਾਂ ਦੇ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ’ਚ ਸਪੇਨ ਦੀਆਂ ਤਿੰਨ ਮੁੱਖ ਕਿਸਾਨ ਜਥੇਬੰਦੀਆਂ ਵੱਲੋਂ ਸਮਰਥਨ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਆਉਣ ਵਾਲੇ ਦਿਨਾਂ ਵਿੱਚ ਵੱਖਰੇ ਤੌਰ ’ਤੇ ਵਿਰੋਧ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਹੈ।
ਬੁੱਧਵਾਰ ਨੂੰ ਸਪੇਨ ਦੀ ਸੰਸਦ ਵਿੱਚ ਬੋਲਦਿਆਂ ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਨੇ ਕਿਸਾਨਾਂ ਦੀ ਮਦਦ ਕਰਨ ਤੇ ਉਨ੍ਹਾਂ ਦੇ ਕੇਸ ਨੂੰ ਯੂਰਪ ਲਿਜਾਣ ਦਾ ਵਾਅਦਾ ਕੀਤਾ ਸੀ। ਖੇਤੀਬਾੜੀ ਮੰਤਰਾਲੇ ਨੇ 1,40,000 ਕਿਸਾਨਾਂ ਨੂੰ ਸਪੇਨ ਦੇ ਗੰਭੀਰ ਸੋਕੇ ਤੇ ਯੂਕਰੇਨ ਦੇ ਖਿਲਾਫ ਰੂਸ ਦੀ ਜੰਗ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਲਈ ਮੁਆਵਜ਼ਾ ਦੇਣ ਲਈ ਲਗਪਗ 270 ਮਿਲੀਅਨ ਯੂਰੋ ਦੀ ਸਹਾਇਤਾ ਦਾ ਐਲਾਨ ਕੀਤਾ ਹੋਇਆ ਹੈ। ਖੇਤੀਬਾੜੀ ਮੰਤਰੀ ਲੁਈਸ ਪਲਾਨਾਸ ਪੁਚਾਡੇਸ ਨੇ ਸ਼ੁੱਕਰਵਾਰ ਨੂੰ ਕਿਸਾਨ ਯੂਨੀਅਨਾਂ ਨਾਲ ਮੁਲਾਕਾਤ ਕੀਤੀ ਪਰ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਮਨਾਉਣ ਵਿੱਚ ਅਸਫਲ ਰਹੇ।
ਭਾਰਤ ‘ਚ ਵੀ 13 ਫਰਵਰੀ ਦੇ ‘ਦਿੱਲੀ ਚੱਲੋ’ ਅੰਦੋਲਨ
ਦੱਸ ਦਈਏ ਕਿ ਭਾਰਤ ‘ਚ ਵੀ 13 ਫਰਵਰੀ ਦੇ ‘ਦਿੱਲੀ ਚੱਲੋ’ ਅੰਦੋਲਨ ਸ਼ੁਰੂ ਹੋ ਰਿਹਾ ਹੈ। ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ ਵੱਲ ਕੂਚ ਕਰਨਗੇ। ਹਰਿਆਣਾ ਪੁਲਿਸ ਨੇ 13 ਫਰਵਰੀ ਦੇ ‘ਦਿੱਲੀ ਚੱਲੋ’ ਅੰਦੋਲਨ ਦੇ ਰਾਹ ਰੋਕਣ ਲਈ ਦਿਨ ਰਾਤ ਦੀ ਤਿਆਰੀ ਵੀ ਵਿੱਢੀ ਹੋਈ ਹੈ।
ਹਾਸਲ ਜਾਣਕਾਰੀ ਮੁਤਾਬਕ ਹਰਿਆਣਾ ਪੁਲਿਸ ਨੇ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਅੰਬਾਲਾ ਦੇ ਸ਼ੰਭੂ ਬਾਰਡਰ ’ਤੇ ਪਹਿਲਾਂ ਹੀ ਕੰਕਰੀਟ ਦੇ ਬਲਾਕ, ਕੰਡਿਆਲੀ ਤਾਰ, ਰੇਤ ਦੇ ਬੋਰੇ, ਬੈਰੀਕੇਡ ਤੇ ਹੋਰ ਵਸਤਾਂ ਦਾ ਭੰਡਾਰ ਇਕੱਠਾ ਕਰ ਲਿਆ ਹੈ।
ਦੱਸ ਦਈਏ ਕਿ ਵੀਰਵਾਰ ਨੂੰ ਕੇਂਦਰੀ ਮੰਤਰੀਆਂ ਦੀ ਤਿੰਨ ਮੈਂਬਰੀ ਟੀਮ ਨੇ ਪਹਿਲੇ ਗੇੜ ’ਚ ਸਯੁੰਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫਦ ਨਾਲ ਸੁਖਾਵੇਂ ਮਾਹੌਲ ਵਿੱਚ ਮੀਟਿੰਗ ਕੀਤੀ ਤਾਂ ਜੋ ਇਨ੍ਹਾਂ ਕਿਸਾਨ ਧਿਰਾਂ ਵੱਲੋਂ ਸਾਂਝੇ ਤੌਰ ’ਤੇ ਐਲਾਨੇ 13 ਫਰਵਰੀ ਦੇ ‘ਦਿੱਲੀ ਚੱਲੋ’ ਅੰਦੋਲਨ ਨੂੰ ਸ਼ੁਰੂਆਤੀ ਪੜਾਅ ’ਤੇ ਹੀ ਠੱਲ ਪਾਈ ਜਾ ਸਕੇ। ਬੇਸ਼ੱਕ ਮੀਟਿੰਗ ਦੌਰਾਨ ਬਹੁਤੀਆਂ ਮੰਗਾਂ ’ਤੇ ਸਹਿਮਤੀ ਬਣ ਗਈ ਹੈ, ਪਰ ਉਪਰੋਕਤ ਧਿਰਾਂ ਨੇ ਮੀਟਿੰਗ ਮਗਰੋਂ ਸਪਸ਼ਟ ਕਰ ਦਿੱਤਾ ਹੈ ਕਿ ‘ਦਿੱਲੀ ਚੱਲੋ’ ਅੰਦੋਲਨ ਵਿੱਚ ਕੋਈ ਤਬਦੀਲੀ ਨਹੀਂ ਹੋਵੇਗੀ ਤੇ ਅੰਦੋਲਨ ਜਾਰੀ ਰਹੇਗਾ।
ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵਿੱਚ ਕਿਸਾਨਾਂ ਦੇ ਲੱਗਣ ਵਾਲੇ ਮੋਰਚੇ ਨੂੰ ਟਾਲਣ ਵਾਸਤੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਪਿਊਸ਼ ਗੋਇਲ, ਕੇਂਦਰੀ ਖੇਤੀਬਾੜੀ ਰਾਜ ਮੰਤਰੀ ਅਰਜੁਨ ਮੁੰਡਾ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿੱਤਿਆ ਨੰਦ ਰਾਏ ਨੇ ਕਿਸਾਨ ਨੇਤਾਵਾਂ ਨਾਲ 13 ਨੁਕਤਿਆਂ ਵਾਲੇ ਮੰਗ ਚਾਰਟਰ ’ਤੇ ਵਿਸਥਾਰਤ ਚਰਚਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਟੀਮ ਨਾਲ ਮਿਲਣੀ ਤੋਂ ਪਹਿਲਾਂ ਕਿਸਾਨ ਆਗੂਆਂ ਨਾਲ ਵੱਖਰੇ ਤੌਰ ’ਤੇ ਮੀਟਿੰਗ ਕੀਤੀ ਅਤੇ ਮੁੱਖ ਮੰਤਰੀ ਨੇ ਸਾਲਸ ਦੀ ਭੂਮਿਕਾ ਨਿਭਾਈ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਸਵਰਨ ਸਿੰਘ ਪੰਧੇਰ ਨੇ ਮੀਟਿੰਗ ਮਗਰੋਂ ਕਿਹਾ ਕਿ ਬਹੁਤ ਸਾਰੀਆਂ ਮੰਗਾਂ ’ਤੇ ਚਰਚਾ ਹੋਈ ਹੈ ਤੇ ਉਨ੍ਹਾਂ ਨੇ ਤੱਥਾਂ ਸਮੇਤ ਮੰਗਾਂ ਪੇਸ਼ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੁਖਾਵੇਂ ਮਾਹੌਲ ਵਿਚ ਹੋਈ ਮੀਟਿੰਗ ਵਿੱਚ ਕੇਂਦਰੀ ਟੀਮ ਨੇ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਨ ਦਾ ਭਰੋਸਾ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਨੇ 13 ਫਰਵਰੀ ਤੱਕ ਕੋਈ ਹੱਲ ਨਾ ਕੱਢਿਆ ਤਾਂ ਅੰਦੋਲਨ ਦਾ ਪ੍ਰੋਗਰਾਮ ਪਹਿਲਾਂ ਵਾਂਗ ਹੀ ਕਾਇਮ ਰਹੇਗਾ। ਉਨ੍ਹਾਂ ਕਿਹਾ ਕਿ ਫਸਲੀ ਭਾਅ ’ਤੇ ਕਾਨੂੰਨੀ ਗਾਰੰਟੀ ਸਮੇਤ ਸਾਰੀਆਂ ਮੰਗਾਂ ’ਤੇ ਹਾਲੇ ਚਰਚਾ ਚੱਲੀ ਹੈ ਤੇ ਗੱਲਬਾਤ ਲਈ ਕਿਸਾਨਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ।