ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਐਮ.ਪੀ. ਦਫਤਰ ਸੰਗਰੂਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਲੋਕ ਸਭਾ ਦੀ ਚੋਣ ਲੜਨ ਵਾਲੇ ਪਾਰਟੀ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ। ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਦੂਜੀ ਸੂਚੀ ਅਨੁਸਾਰ ਪਾਰਟੀ ਉਮੀਦਵਾਰਾਂ ਦਾ ਐਲਾਨ ਕਰਦਿਆ ਦੱਸਿਆ ਕਿ ਅੰਮ੍ਰਿਤਸਰ ਤੋਂ ਈਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਅਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ।
ਉਹਨਾਂ ਕਿਹਾ ਕਿ ਪਾਰਟੀ ਵੱਲੋਂ ਲੋਕ ਸਭਾ ਚੋਣ ਕਿਸਾਨ, ਮਜ਼ਦੂਰ, ਘੱਟ ਗਿਣਤੀਆਂ ਅਤੇ ਦਲਿਤਾਂ ਦੇ ਹੱਕਾਂ ਦੀ ਰੱਖਿਆ, ਆਮ ਲੋਕਾਂ ਲਈ ਬਰਾਬਰ ਦੀਆਂ ਸਿਹਤ ਤੇ ਵਿਦਿਅਕ ਸਹੂਲਤਾਂ ਅਤੇ ਸੁਚਾਰੂ ਰਾਜ ਪ੍ਰਬੰਧਾਂ ਦੇ ਮੁੱਦਿਆਂ ‘ਤੇ ਲੜੀ ਜਾਵੇਗੀ।
ਉਹਨਾਂ ਕਿਹਾ ਕਿ ਲੋਕ ਇਸ ਵਾਰ ਦਿੱਲੀ ਪੱਖੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਲੋਕਾਂ ਦੇ ਹਿੱਤਾਂ ਲਈ ਖੜਨ ਵਾਲੇ ਉਮੀਦਵਾਰਾਂ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ। ਦੱਸ ਦਈਏ ਕਿ ਭੁਪਿੰਦਰ ਸਿੰਘ ਭੁੱਲਰ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਹਨ। ਉਨ੍ਹਾਂ ਨੂੰ ਪਾਰਟੀ ਨੇ ਫਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।