ਪੰਜਾਬ ਦੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਣ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਸੀਨੀਅਰ ਕਾਂਗਰਸੀ ਆਗੂ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ ਪੀ ਬਹੁਤ ਜਲਦ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ। ਮਹਿੰਦਰ ਸਿੰਘ ਕੇ ਪੀ ਜਲੰਧਰ ਜਾਂ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਚੋਣਂ ਲੜ ਸਕਦੇ ਹਨ।
ਦੱਸ ਦੇਈਏ ਕਿ ਦੋ ਦਿਨ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਹਿੰਦਰ ਸਿੰਘ ਕੇ.ਪੀ. ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਲਈ ਆਗੂਆਂ ਨਾਲ ਮੀਟਿੰਗ ਕਰਨ ਲਈ ਜਲੰਧਰ ਦੇ ਇੱਕ ਸਥਾਨਕ ਹੋਟਲ ਵਿੱਚ ਪਹੁੰਚੇ ਸਨ। ਅੱਜ ਸੁਖਬੀਰ ਬਾਦਲ ਦੁਪਹਿਰ 3 ਵਜੇ ਮਹਿੰਦਰ ਸਿੰਘ ਕੇ.ਪੀ. ਦੇ ਘਰ ਪਹੁੰਚਣਗੇ।
ਮਹਿੰਦਰ ਸਿੰਘ ਕੇਪੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ‘ਤੇ 2009 ‘ਚ ਸੰਸਦ ਮੈਂਬਰ ਬਣੇ ਸਨ। ਜਿਸ ਤੋਂ ਬਾਅਦ ਕਾਂਗਰਸ ਨੇ ਕੇ.ਪੀ. ਨੂੰ 2014 ‘ਚ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨਿਆ ਸੀ, ਪਰ ਉਨ੍ਹਾਂ ਨੂੰ ਹਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਭਾਜਪਾ ਉਮੀਦਵਾਰ ਵਿਜੇ ਸਾਂਪਲਾ ਨੇ ਹਰਾਇਆ ਸੀ। ਦੱਸ ਦੇਈਏ ਕਿ ਕੇਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਲਈ ਕੇਪੀ ਅਕਾਲੀ ਦਲ ‘ਚ ਸ਼ਾਮਲ ਹੋਣ ‘ਤੇ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ।