ਪੰਜਾਬ ਦੇ ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਤੋਂ ਫਿਲੌਰ ਪੁਲਿਸ ਨੇ 5 ਗ੍ਰਾਮ ਆਈਸ ਡਰੱਗ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਹਰਪ੍ਰੀਤ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪੱਖ ਪੇਸ਼ ਕਰਦਿਆਂ ਦੱਸਿਆ ਹੈ ਕਿ ਸਰਕਾਰ ਜਾਣ ਬੁੱਝ ਕੇ ਸਾਡੇ ਪਰਿਵਾਰ ਨੂੰ ਬਦਨਾਮ ਕਰਨਾ ਚਾਹੁੰਦੀ ਹੈ,ਅਸੀ ਇਸ ਘਟਨਾ ਦੀ ਨਿਰਪੱਖ ਜਾਂਚ ਮੰਗਦੇ ਹਾਂ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ 12 ਵਜੇ ਘਰੋਂ ਗਿਆ ਸੀ, ਜਦੋਂ ਅਸੀਂ ਹਰਪ੍ਰੀਤ ਸਿੰਘ ਨੂੰ 2 ਘੰਟੇ ਬਾਅਦ ਫੋਨ ਕੀਤਾ ਤਾਂ ਫੋਨ ਬੰਦ ਆ ਰਿਹਾ ਸੀ। ਤਰਸੇਮ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੇ ਮੋਗਾ ਜ਼ਿਲ੍ਹੇ ਵਿੱਚ ਪੈਂਦੇ ਬਾਘਾਪੁਰਾਣਾ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਨਿਕਲਣ ਵਾਲੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਜਾਣਾਂ ਸੀ। ਤਰਸੇਮ ਸਿੰਘ ਨੇ ਕਿਹਾ ਅਸੀਂ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਈ ਹੈ। ਉਸ ਆਵਾਜ਼ ਨੂੰ ਸਰਕਾਰ ਦਬਾਉਣ ਲਈ ਹੱਥਕੰਡੇ ਅਪਣਾਅ ਰਾਹੀਂ ਤੇ ਬਦਨਾਮ ਕਰਨਾ ਚਾਹੁੰਦੀ ਹੈ।