ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਕਾਲੀ ਸਰਕਾਰ ਦੌਰਾਨ ਹੋਈਆਂ ਬੇਅਦਬੀ ਦੀ ਘਟਨਾਵਾਂ ਨੂੰ ਲੈ ਕੇ ਬੰਦ ਲਿਫਾਫਾ ਸੌਂਪਿਆ ਗਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਨੇ ਇਸ ਮੁਆਫ਼ੀਨਾਮੇ ਨੂੰ ਜਨਤਕ ਕਰਦਿਆਂ ਕਿਹਾ ਹੈ ਕਿ ਇਸ ਬਾਰੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਜਾਵੇਗਾ।
ਦੱਸ ਦਈਏ ਕਿ ਅਕਾਲੀ ਦਲ ਦੇ ਬਾਗੀ ਧੜੇ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਆ ਕੇ ਸੁਖਬੀਰ ਬਾਦਲ ਨੂੰ 2007 ਤੋਂ ਅਕਤੂਬਰ 2015 ਤੱਕ ਵਾਪਰੀਆਂ ਘਟਨਾਵਾਂ ਦੇ ਦੋਸ਼ੀ ਠਹਿਰਾਇਆ ਸੀ। ਇਸ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ 15 ਦਿਨਾਂ ਅੰਦਰ ਸਪੱਸ਼ਟੀਕਰਨ ਮੰਗਿਆ ਸੀ। ਇਸ ਦੇ ਮੱਦੇਨਜ਼ਰ 24 ਜੁਲਾਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਲਬੰਦ ਲਿਫ਼ਾਫ਼ੇ ਵਿੱਚ ਸਪੱਸ਼ਟੀਕਰਨ ਦਿੱਤਾ ਸੀ।
ਇਸ ਪੱਤਰ ਨੂੰ ਅੱਜ ਜਨਤਕ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਸੰਗਤ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਲਿਫ਼ਾਫ਼ਾਬੰਦ ਸਪੱਸ਼ਟੀਕਰਨ ਜਨਤਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜਲਦੀ ਹੀ ਪੰਜ ਸਿੰਘ ਸਾਹਿਬਾਨ ਨਾਲ ਮੀਟਿੰਗ ਕਰਕੇ ਇਸ ਸਬੰਧੀ ਆਪਣਾ ਫੈਸਲਾ ਦੇਣਗੇ।
ਇਸ ਸਪੱਸ਼ਟੀਕਰਨ ਵਿੱਚ ਲਿਖਿਆ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਮਾਮਲੇ ਵਿੱਚ 24 ਸਤੰਬਰ 2015 ਨੂੰ ਸ੍ਰੀ ਅਕਾਲ ਵਿਖੇ ਹੋਈ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਗੁਰਮਤਾ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਅਵਤਾਰ ਸਿੰਘ ਦੇ ਹੁਕਮਾਂ ‘ਤੇ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਸਪੱਸ਼ਟੀਕਰਨ ਵਿੱਚ ਕਿਹਾ ਹੈ ਕਿ ਅਕਾਲੀ ਦਲ ਦੇ ਕੁਝ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੁਆਫ਼ੀ ਪੱਤਰ ਸੌਂਪਿਆ ਗਿਆ ਸੀ। ਇਸ ਵਿੱਚ ਉਨ੍ਹਾਂ ਦੇ ਵਿਰੁੱਧ ਜੋ ਵੀ ਲਿਖਿਆ ਗਿਆ ਹੈ, ਉਹ ਆਪਣੀ ਝੋਲੀ ਪਾਉਂਦੇ ਹਨ ਤੇ ਜੋ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇਣਗੇ, ਉਹ ਵੀ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ। ਇਸ ਮੁਆਫ਼ੀਨਾਮੇ ਵਿੱਚ ਉਨ੍ਹਾਂ ਨੇ ਆਪਣੇ ਪਿਤਾ ਤੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਿਖੀ ਚਿੱਠੀ ਨੂੰ ਵੀ ਸ਼ਾਮਲ ਕੀਤਾ ਹੈ ਤੇ ਉਸ ਦਾ ਹਵਾਲਾ ਵੀ ਦਿੱਤਾ ਹੈ।