ਕੈਨੇਡਾ ਵਿੱਚ ਬੀਤੇ ਕਈ ਸਾਲਾਂ ਤੋਂ ਵਿਜ਼ਟਰ ਵੀਜ਼ਿਆਂ ਅਤੇ ਹੋਰ ਗੈਰ ਕਾਨੂੰਨੀ ਤਰੀਕਿਆਂ ਗਏ ਲੋਕਾਂ ਤੇ ਵਾਪਸ ਆਉਣ ਵਾਲਿਆਂ ਤੇ ਕੈਨੇਡਾ ਸਰਕਾਰ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਕੈਨੇਡਾ ਵਿੱਚ ਗ਼ੈਰ-ਕਾਨੂੰਨੀ ਤੌਰ ’ਤੇ ਰਹਿੰਦੇ ਪਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਦੇ ਸੰਕੇਤ ਦਿੰਦਿਆਂ ਦੇਸ਼ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਸਸਤੇ ਮਜ਼ਦੂਰ ਮਿਲਣਾ ਬੀਤੇ ਸਮੇਂ ਦੀ ਗੱਲ ਹੋ ਚੁੱਕੀ ਹੈ ਅਤੇ ਹੁਣ ਕੈਨੇਡਿਆਈ ਰੁਜ਼ਗਾਰਦਾਤਾਵਾਂ ਨੂੰ ਉੱਚੀਆਂ ਦਰਾਂ ’ਤੇ ਕਾਮੇ ਰੱਖਣੇ ਹੋਣਗੇ। ਮਾਰਕ ਮਿਲਰ ਦਾ ਕਹਿਣਾ ਸੀ ਕਿ ਆਰਜ਼ੀ ਵੀਜ਼ਾ ’ਤੇ ਆਏ ਪਰ ਸਮੇਂ ਸਿਰ ਵਾਪਸੀ ਨਾ ਕਰਨ ਵਾਲੇ ਪਰਵਾਸੀਆਂ ਨੂੰ ਅਗਲੇ ਕੁਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿੱਚ ਡਿਪੋਰਟ ਕੀਤਾ ਜਾ ਸਕਦਾ ਹੈ।ਮੰਨਿਆ ਜਾ ਰਿਹਾ ਹੈ ਕਿ ਡਿਪੋਰਟ ਕੀਤੇ ਜਾਣ ਵਾਲੇ ਪਰਵਾਸੀਆਂ ਵਿੱਚ ਜ਼ਿਆਦਾਤਰ ਉਹ ਲੋਕ ਹੋ ਸਕਦੇ ਹਨ, ਜਿਨ੍ਹਾਂ ਨੂੰ ਪਿਛਲੇ ਅੱਠ ਸਾਲਾਂ ਦੌਰਾਨ ਦੇਸ਼ ਛੱਡਣ ਦੇ ਹੁਕਮ ਦਿੱਤੇ ਗਏ ਪਰ ਉਨ੍ਹਾਂ ਨੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐੱਸਏ) ਦੇ ਅਧਿਕਾਰੀਆਂ ਦੀਆਂ ਅੱਖਾਂ ਵਿੱਚ ਘੱਟਾ ਪਾਉਂਦਿਆਂ ਆਪਣਾ ਟਿਕਾਣਾ ਹੀ ਬਦਲ ਲਿਆ। ਗ੍ਰੇਟਰ ਵੈਨਕੂਵਰ ਬੋਰਡ ਆਫ਼ ਟਰੇਡ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਪੁੱਜੇ ਇਮੀਗ੍ਰੇਸ਼ਨ ਮੰਤਰੀ ਨੇ ਅੱਗੇ ਕਿਹਾ ਕਿ ਰੁਜ਼ਗਾਰਦਾਤਾਵਾਂ ਅਤੇ ਕਾਮਿਆਂ ਦਰਮਿਆਨ ਸਭ ਤੋਂ ਮਾੜੇ ਸਬੰਧ ਆਰਜ਼ੀ ਪਰਵਾਸੀ ਕਾਮਿਆਂ ਦੀ ਸ਼੍ਰੇਣੀ ਵਿੱਚ ਦੇਖੇ ਜਾ ਸਕਦੇ ਹਨ, ਜਿੱਥੇ ਕਿਰਤੀਆਂ ਦਾ ਵੱਡੀ ਪੱਧਰ ’ਤੇ ਸ਼ੋਸ਼ਣ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਸਸਤੇ ਪਰਵਾਸੀ ਮਜ਼ਦੂਰ ਮਿਲਣ ਵਾਲਾ ਦੌਰ ਲੰਘ ਚੁੱਕਾ ਹੈ।
ਮਿੱਲਰ ਨੇ ਨਵੇਂ ਵਰ੍ਹੇ ਵਿੱਚ ਹਾਲਾਤ ਬਿਹਤਰ ਹੋਣ ਦੀ ਉਮੀਦ ਜਤਾਈ
ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਦੱਸਿਆ ਕਿ ਨਵੇਂ ਵਰ੍ਹੇ ਵਿੱਚ ਦਾਖ਼ਲ ਹੁੰਦਿਆਂ ਹਾਲਾਤ ਬਿਹਤਰ ਹੋਣਗੇ ਅਤੇ ਆਰਜ਼ੀ ਪਰਵਾਸੀ ਕਾਮਿਆਂ ਦੀ ਗਿਣਤੀ ਹੋਰ ਘੱਟ ਜਾਵੇਗੀ। ਉਨ੍ਹਾਂ ਦਲੀਲ ਦਿੱਤੀ ਕਿ ਕੈਨੇਡਾ ਵਿੱਚ ਮੌਜੂਦ ਕਿਰਤੀਆਂ ਨੂੰ ਪੀਆਰ ਦੇਣ ਵੱਲ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਅਤੇ ਵਿਦੇਸ਼ਾਂ ਤੋਂ ਕਿਰਤੀ ਸੱਦਣ ਦਾ ਰੁਝਾਨ ਘਟਿਆ ਹੈ। ਇਮੀਗ੍ਰੇਸ਼ਨ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਲੋਕ ਵੀਜ਼ਾ ਦੀ ਮਿਆਦ ਲੰਘਣ ਤੋਂ ਬਾਅਦ ਵੀ ਵਾਪਸੀ ਨਹੀਂ ਕਰਦੇ ਅਤੇ ਇਸ ਤਰੀਕੇ ਨਾਲ ਉਹ ਕਾਨੂੰਨ ਤੋੜ ਰਹੇ ਹੁੰਦੇ ਹਨ।