ਪੰਜਾਬ ਸਰਕਾਰ ਭ੍ਰਿਸ਼ਟਾਚਾਰੀਆਂ ਨੂੰ ਫੜਨ ਲਈ ਲਗਾਤਾਰ ਕਾਰਵਾਈਆਂ ਕਰ ਰਹੀ ਹੈ। ਵਿਜੀਲੈਂਸ ਵਿਭਾਗ ਨੇ ਇੱਕ ਹੋਰ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਮਾਲ ਹਲਕਾ ਸਲੋਹ ਵਿਖੇ ਤਾਇਨਾਤ ਮਾਲ ਪਟਵਾਰੀ ਗੌਰਵ ਗੁਪਤਾ, ਜਿਸ ਕੋਲ ਫਾਂਬੜਾ ਹਲਕੇ ਦਾ ਵਾਧੂ ਚਾਰਜ ਵੀ ਹੈ, ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਗੜ੍ਹੀ ਸ਼ੇਰੂ ਦੇ ਵਸਨੀਕ ਕੇਸਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੇ ਪਰਿਵਾਰ ਦੇ ਜ਼ਮੀਨ ਦੇ ਤਬਾਦਲੇ ਸਬੰਧੀ ਕੇਸ ਦਾ ਨਿਪਟਾਰਾ ਕਰਨ ਬਦਲੇ ਉਸ ਤੋਂ 20000 ਰੁਪਏ ਰਿਸ਼ਵਤ ਮੰਗੀ ਹੈ ਅਤੇ ਇਸ ਸਬੰਧੀ 10000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਟਵਾਰੀ ਉਕਤ ਜ਼ਮੀਨ ਦੇ ਇੰਤਕਾਲ ਬਦਲੇ ਉਸ ਤੋਂ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ ਅਤੇ ਉਸਨੇ ਇਸ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
PUNJAB




INDIA








WORLD










