ਪੰਜਾਬ ਦੇ ਬਠਿੰਡਾ ਵਿੱਚ ਬੀਤੇ ਦਿਨਾਂ ਦੌਰਾਨ ਇੱਕ ਪ੍ਰਾਈਵੇਟ ਬੱਸ ਸਵਾਰੀਆਂ ਨਾਲ ਲੱਦੀ ਗੰਦੇ ਨਾਲੇ ਵਿੱਚ ਡਿੱਗ ਪਈ ਸੀ। ਉਸ ਦੌਰਾਨ ਕਈ ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਜ਼ਖ਼ਮੀ ਹੋ ਗਏ ਸਨ। ਉਸ ਹਾਦਸੇ ਨੂੰ ਲੈਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਸ ਹਾਦਸੇ ਵਿੱਚ ਮਾਰੇ ਗਏ ਅੱਠ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਨੇ ਹਾਦਸੇ ਵਿਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੇ ਵਿੱਤੀ ਮੁਆਵਜ਼ੇ ਦਾ ਐਲਾਨ ਕੀਤਾ ਅਤੇ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ।
ਸ੍ਰੀ ਮੋਦੀ ਨੇ ਕਿਹਾ ਕਿ ਬਠਿੰਡਾ ਵਿੱਚ ਵਾਪਰੇ ਬੱਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਨਾਲ ਹਮਦਰਦੀ ਹੈ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਅੱਠ ਮ੍ਰਿਤਕਾਂ ਵਿੱਚੋਂ ਪੰਜ ਦੀ ਪਛਾਣ ਹੋ ਚੁੱਕੀ ਹੈ ਅਤੇ ਤਿੰਨ ਦੀ ਪਛਾਣ ਹੋਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿਚ ਦੋ ਸਾਲ ਦੀ ਬੱਚੀ ਵੀ ਸ਼ਾਮਲ ਹੈ। ਬਠਿੰਡਾ ਦੇ ਐਸਐਸਪੀ ਅਮਨੀਤ ਕੋਂਡਲ ਨੇ ਦੱਸਿਆ ਕਿ 46 ਯਾਤਰੀਆਂ ਨੂੰ ਬਚਾ ਲਿਆ ਗਿਆ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ‘ਐਕਸ’ ’ਤੇ ਪੋਸਟ ਕਰਦਿਆਂ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।