ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸਖ਼ਤ ਸਟੈਂਡ ਲੈਂਦਿਆਂ ਫੈਸਲਾ ਕੀਤਾ ਹੈ ਕਿ ਜਿੰਨਾ ਕੁਝ ਪਾਰਟੀ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਫੈਸਲਿਆਂ ਵਿਰੁੱਧ ਦਿੱਤੇ ਬਿਆਨਾਂ/ਵੀਡੀਓਜ਼ ਦਾ ਸਖ਼ਤ ਨੋਟਿਸ ਲਿਆ ਹੈ। ਇਸ ਮੁੱਦੇ ‘ਤੇ ਅੱਜ ਚੰਡੀਗੜ੍ਹ ਵਿਖੇ ਹੋਈ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਚਰਚਾ ਕੀਤੀ ਗਈ।
ਉਨ੍ਹਾਂ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਰ ਕੋਈ ਪਾਰਟੀ ਫੋਰਮ ‘ਤੇ ਆਪਣੇ ਵਿਚਾਰ ਪ੍ਰਗਟ ਕਰਨ ਲਈ ਆਜ਼ਾਦ ਹੈ ਪਰ ਕਿਸੇ ਨੂੰ ਵੀ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਕੋਈ ਵੀ ਪਾਰਟੀ ਤੋਂ ਉੱਪਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਪਾਰਟੀ ਵਿਰੋਧੀ ਬਿਆਨ ਅਤੇ ਵੀਡੀਓਜ਼ ਪਾਰਟੀ ਅਨੁਸ਼ਾਸਨੀ ਕਮੇਟੀ ਨੂੰ ਭੇਜੇ ਜਾ ਰਹੇ ਹਨ ਅਤੇ ਸਾਰਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੇ ਜਵਾਬਾਂ ‘ਤੇ ਵਿਚਾਰ ਕਰਨ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਕਈ ਹੋਰਨਾਂ ਸੀਨੀਅਰ ਆਗੂਆਂ ਨੇ ਜਥੇਦਾਰ ਨੂੰ ਹਟਾਉਣ ਦੇ ਫ਼ੈਸਲੇ ਨਾਲ ਅਸਹਿਮਤੀ ਪ੍ਰਗਟਾਈ ਹੈ।