ਜੰਮੂ ਦੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਹੁਣ ਸਖ਼ਤ ਰੁਖ਼ ਅਪਣਾਇਆ ਹੈ। ਕੈਬਨਿਟ ਕਮੇਟੀ ਆਨ ਸਕਿਓਰਿਟੀ (ਸੀਸੀਐਸ) ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਪਾਕਿਸਤਾਨੀਆਂ ਲਈ ਵੀਜ਼ਾ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਇਸ ਦਾ ਮਤਲਬ ਹੈ ਕਿ ਹੁਣ ਕੋਈ ਵੀ ਪਾਕਿਸਤਾਨੀ ਨਾਗਰਿਕ ਭਾਰਤ ਵਿੱਚ ਦਾਖਲ ਨਹੀਂ ਹੋ ਸਕੇਗਾ। ਸਰਕਾਰ ਨੇ 27 ਅਪ੍ਰੈਲ 2025 ਤੋਂ ਪਹਿਲਾਂ ਜਾਰੀ ਕੀਤੇ ਗਏ ਸਾਰੇ ਵੈਧ ਵੀਜ਼ੇ ਰੱਦ ਕਰ ਦਿੱਤੇ ਹਨ। ਮੈਡੀਕਲ ਵੀਜ਼ਿਆਂ ਨੂੰ 29 ਅਪ੍ਰੈਲ ਤੱਕ ਹੀ ਮੰਨਿਆ ਜਾਵੇਗਾ ਤਾਂ ਜੋ ਭਾਰਤ ਵਿੱਚ ਇਲਾਜ ਅਧੀਨ ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ਾਂ ਨੂੰ ਛੁੱਟੀ ਲਈ ਕੁਝ ਸਮਾਂ ਮਿਲ ਸਕੇ। ਪਰ ਇਸ ਤੋਂ ਬਾਅਦ ਕੋਈ ਵੀ ਬਹਾਨਾ ਸਵੀਕਾਰ ਨਹੀਂ ਕੀਤਾ ਜਾਵੇਗਾ। ਭਾਰਤ ਵਿੱਚ ਮੌਜੂਦ ਸਾਰੇ ਪਾਕਿਸਤਾਨੀ ਨਾਗਰਿਕਾਂ ਨੂੰ ਆਪਣੇ ਵੀਜ਼ੇ ਦੀ ਨਵੀਂ ਮਿਆਦ ਤੋਂ ਪਹਿਲਾਂ ਦੇਸ਼ ਛੱਡਣਾ ਪਵੇਗਾ। ਇੰਨਾ ਹੀ ਨਹੀਂ, ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਦੀ ਯਾਤਰਾ ਤੋਂ ਦੂਰ ਰਹਿਣ ਦੀ ਸਲਾਹ ਵੀ ਦਿੱਤੀ ਹੈ। ਜਿਹੜੇ ਭਾਰਤੀ ਇਸ ਸਮੇਂ ਪਾਕਿਸਤਾਨ ਵਿੱਚ ਹਨ, ਉਨ੍ਹਾਂ ਨੂੰ ਤੁਰਤ ਵਾਪਸ ਆਉਣ ਦੀ ਚੇਤਾਵਨੀ ਦਿੱਤੀ ਗਈ ਹੈ।