ਭਾਰਤ ਵਿੱਚ ਸਰਕਾਰ ਵੱਲੋਂ ਹਾਈ ਅਲਰਟ ਕਰ ਦਿੱਤਾ ਗਿਆ ਹੈ। ਭਾਰਤ ਵੱਲੋਂ ‘ਆਪ੍ਰੇਸ਼ਨ ਸਿੰਦੂਰ’ ਤਹਿਤ ਪਾਕਿਸਤਾਨ ਵਿਚ ਅੱਤਵਾਦੀ ਕੈਂਪਾਂ ਉਤੇ ਹਮਲੇ ਕੀਤੇ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਵਧ ਗਿਆ ਹੈ ਅਤੇ ਦੇਸ਼ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਕਾਰਨ ਉੱਤਰੀ ਅਤੇ ਪੱਛਮੀ ਭਾਰਤ ਦੇ ਘੱਟੋ-ਘੱਟ 18 ਹਵਾਈ ਅੱਡਿਆਂ ਨੂੰ ਅਸਥਾਈ ਤੌਰ ਉਤੇ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਬੰਦ ਕੀਤੇ ਗਏ ਹਵਾਈ ਅੱਡਿਆਂ ਵਿਚ ਸ੍ਰੀਨਗਰ, ਜੰਮੂ, ਲੇਹ, ਅੰਮ੍ਰਿਤਸਰ, ਪਠਾਨਕੋਟ, ਚੰਡੀਗੜ੍ਹ, ਜੋਧਪੁਰ, ਜੈਸਲਮੇਰ, ਸ਼ਿਮਲਾ, ਧਰਮਸ਼ਾਲਾ ਅਤੇ ਜਾਮਨਗਰ ਸ਼ਾਮਲ ਹਨ।
200 ਤੋਂ ਵੱਧ ਉਡਾਣਾਂ ਰੱਦ
ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਉਡਾਣ ਸੰਚਾਲਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਹੁਣ ਤੱਕ 200 ਤੋਂ ਵੱਧ ਉਡਾਣਾਂ ਰੱਦ ਕੀਤੀਆਂ ਜਾ ਚੁੱਕੀਆਂ ਹਨ। ਇਕੱਲੇ ਇੰਡੀਗੋ ਨੇ ਲਗਭਗ 160 ਉਡਾਣਾਂ ਰੱਦ ਕੀਤੀਆਂ ਹਨ। ਦਿੱਲੀ ਹਵਾਈ ਅੱਡੇ ਤੋਂ 35 ਤੋਂ ਵੱਧ ਉਡਾਣਾਂ (23 ਰਵਾਨਗੀ, 8 ਆਗਮਨ ਅਤੇ 4 ਅੰਤਰਰਾਸ਼ਟਰੀ) ਵੀ ਰੱਦ ਕਰ ਦਿੱਤੀਆਂ ਗਈਆਂ ਹਨ।
ਏਅਰਲਾਈਨਜ਼ ਨੇ ਬਿਆਨ ਜਾਰੀ ਕੀਤਾ
ਉਡਾਣਾਂ ਰੱਦ ਹੋਣ ਤੋਂ ਬਾਅਦ, ਕਈ ਏਅਰਲਾਈਨਾਂ ਨੇ ਆਪਣੇ ਸਪੱਸ਼ਟੀਕਰਨ ਦਿੰਦੇ ਹੋਏ ਬਿਆਨ ਜਾਰੀ ਕੀਤੇ। ਏਅਰ ਇੰਡੀਆ ਨੇ ਸੋਸ਼ਲ ਮੀਡੀਆ ਉਤੇ ਲਿਖਿਆ ਕਿ ਏਅਰ ਇੰਡੀਆ ਨੇ 10 ਮਈ ਸਵੇਰੇ 5:29 ਵਜੇ ਤੱਕ ਜੰਮੂ, ਸ਼੍ਰੀਨਗਰ, ਲੇਹ, ਜੋਧਪੁਰ, ਅੰਮ੍ਰਿਤਸਰ, ਭੁਜ, ਜਾਮਨਗਰ, ਚੰਡੀਗੜ੍ਹ ਅਤੇ ਰਾਜਕੋਟ ਲਈ ਉਡਾਣਾਂ ਰੱਦ ਕਰ ਦਿੱਤੀਆਂ ਹਨ। ਯਾਤਰੀਆਂ ਨੂੰ ਟਿਕਟਾਂ ਰੱਦ ਕਰਨ ਜਾਂ ਮੁੜ ਸ਼ਡਿਊਲ ਕਰਨ ਲਈ ਕੋਈ ਫੀਸ ਨਹੀਂ ਦੇਣੀ ਪਵੇਗੀ।
ਇਸ ਦੇ ਨਾਲ ਹੀ ਸਪਾਈਸਜੈੱਟ ਨੇ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਇੰਡੀਗੋ, ਅਕਾਸਾ ਏਅਰ ਅਤੇ ਏਅਰ ਇੰਡੀਆ ਐਕਸਪ੍ਰੈਸ ਨੇ ਵੀ ਕਈ ਉਡਾਣਾਂ ਰੱਦ ਕਰ ਦਿੱਤੀਆਂ ਹਨ ਅਤੇ ਕਿਹਾ ਹੈ ਕਿ ਯਾਤਰੀਆਂ ਨੂੰ ਪੂਰੀ ਰਿਫੰਡ ਜਾਂ ਵਿਕਲਪਿਕ ਉਡਾਣ ਦਾ ਵਿਕਲਪ ਦਿੱਤਾ ਜਾਵੇਗਾ। ਜਦੋਂ ਕਿ ਕਤਰ ਏਅਰਵੇਜ਼ ਨੇ ਪਾਕਿਸਤਾਨੀ ਹਵਾਈ ਖੇਤਰ ਬੰਦ ਹੋਣ ਕਾਰਨ ਪਾਕਿਸਤਾਨ ਲਈ ਉਡਾਣਾਂ ਅਸਥਾਈ ਤੌਰ ‘ਤੇ ਰੋਕ ਦਿੱਤੀਆਂ ਹਨ।
ਦੱਸਣਯੋਗ ਹੈ ਕਿ 6 ਤੋਂ 7 ਮਈ ਦੀ ਵਿਚਕਾਰਲੀ ਰਾਤ ਨੂੰ ਸਵੇਰੇ 1:05 ਵਜੇ ਤੋਂ 1:30 ਵਜੇ ਤੱਕ ਹਥਿਆਰਬੰਦ ਬਲਾਂ ਨੇ ਆਪ੍ਰੇਸ਼ਨ ਸਿੰਦੂਰ ਚਲਾਇਆ। ਇਸ 25 ਮਿੰਟ ਦੀ ਕਾਰਵਾਈ ਵਿੱਚ 24 ਮਿਜ਼ਾਈਲਾਂ ਦੀ ਵਰਤੋਂ ਕਰਕੇ ਨੌਂ ਅੱਤਵਾਦੀ ਕੈਂਪਾਂ ਨੂੰ ਤਬਾਹ ਕਰ ਦਿੱਤਾ ਗਿਆ। ਇਨ੍ਹਾਂ ਨੌਂ ਥਾਵਾਂ ਵਿੱਚੋਂ ਪੰਜ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਸਨ, ਜਦੋਂ ਕਿ ਚਾਰ ਪਾਕਿਸਤਾਨ ਵਿੱਚ ਸਨ। ਇਨ੍ਹਾਂ ਛੁਪਣਗਾਹਾਂ ਵਿੱਚ ਅੱਤਵਾਦੀਆਂ ਦੀ ਭਰਤੀ ਕੀਤੀ ਜਾਂਦੀ ਸੀ। ਉਹਨਾਂ ਨੂੰ ਸਿਖਲਾਈ ਦਿੱਤੀ ਗਈ ਸੀ। ਇੰਨਾ ਹੀ ਨਹੀਂ, ਭਾਰਤੀ ਫੌਜ ਦੀ ਇਸ ਕਾਰਵਾਈ ਵਿੱਚ ਅੱਤਵਾਦੀ ਮਸੂਦ ਅਜ਼ਹਰ ਦੇ ਪਰਿਵਾਰ ਦੇ ਦਸ ਮੈਂਬਰ ਮਾਰੇ ਗਏ।