ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ 20 ਸਾਲ ਪੁਰਾਣੇ ਕੇਸ ਵਿੱਚੋਂ ਮੋਹਾਲੀ, ਜ਼ਿਲ੍ਹਾ ਅਦਾਲਤ ਨੇ ਬਰੀ ਕਰ ਦਿੱਤਾ ਹੈ। ਜਗਤਾਰ ਸਿੰਘ ਹਵਾਰਾ ਵਿਰੁੱਧ 2005 ਵਿੱਚ ਖਰੜ ਥਾਣੇ ਵਿੱਚ ਵਿਸਫੋਟਕ ਸਮੱਗਰੀ ਐਕਟ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਜਗਤਾਰ ਸਿੰਘ ਹਵਾਰਾ ਦੀ ਪੇਸ਼ ਹੋਈ। ਇਸ ਤੋਂ ਪਹਿਲਾਂ ਉਸਨੂੰ ਮੋਹਾਲੀ ਦੇ ਸੋਹਾਣਾ ਪੁਲਿਸ ਸਟੇਸ਼ਨ ਤੋਂ ਬਰੀ ਕਰ ਦਿੱਤਾ ਗਿਆ ਸੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਅੱਜ ਮੁਹਾਲੀ ਅਦਾਲਤ ਵਿਖੇ ਭਾਈ ਜਗਤਾਰ ਸਿੰਘ ਦੀ ਵੀਡਿਓ ਕਾਨਫਰੰਸ ਰਾਹੀਂ ਹੋਈ ਪੇਸ਼ੀ ਦੌਰਾਨ ਉਨ੍ਹਾਂ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤੇਜ ਪ੍ਰਤਾਪ ਸਿੰਘ ਰੰਧਾਵਾ ਨੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਨਾਲ ਅਸਲਾ ਐਕਟ ਦੀ ਧਾਰਾ 25, 54 ਅਤੇ 59 ਤਹਿਤ ਦਰਜ ਮਾਮਲੇ ਵਿਚ ਬਰੀ ਕਰ ਦਿੱਤਾ ਹੈ। ਇਸ ਮੌਕੇ ਮੌਜੂਦ ਭਾਈ ਜਗਤਾਰ ਸਿੰਘ ਹਵਾਰਾ ਦੇ ਸਾਥੀ ਜਸਵੰਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸੱਚ ਦੀ ਜਿੱਤ ਹੋਈ।
ਜਾਣਕਾਰੀ ਅਨੁਸਾਰ, ਹਵਾਰਾ ਅਤੇ ਕੁਝ ਹੋਰਾਂ ਵਿਰੁੱਧ 2005 ਵਿੱਚ ਖਰੜ ਥਾਣੇ ਵਿੱਚ ਵਿਸਫੋਟਕ ਪਦਾਰਥ ਐਕਟ, 1908 ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਹਾਲਾਂਕਿ, ਉਸ ਸਮੇਂ ਨਾ ਤਾਂ ਹਵਾਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਨਾ ਹੀ ਉਸ ਤੋਂ ਕੁਝ ਵੀ ਬਰਾਮਦ ਕੀਤਾ ਗਿਆ ਸੀ। ਇਸੇ ਤਰ੍ਹਾਂ, 1998 ਵਿੱਚ, ਜਗਤਾਰ ਹਵਾਰਾ ‘ਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 153A , 124A , 225 , 120B ਅਤੇ 511 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇੱਕ ਸਾਲ ਪਹਿਲਾਂ ਉਸਨੂੰ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਸੀ। ਦੋਵਾਂ ਮਾਮਲਿਆਂ ਵਿੱਚ, ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਸੀ। ਉਹ ਚੰਡੀਗੜ੍ਹ ਵਿੱਚ ਵਿਸਫੋਟਕ ਅਤੇ ਦੇਸ਼ਧ੍ਰੋਹ ਦੇ ਦੋ ਮਾਮਲਿਆਂ ਵਿੱਚੋਂ ਪਹਿਲਾਂ ਹੀ ਬਰੀ ਹੋ ਚੁੱਕਾ ਹੈ।
ਦੱਸ ਦੇਈਏ ਕਿ ਜਗਤਾਰ ਸਿੰਘ ਹਵਾਰਾ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਹਵਾਰਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ‘ਤੇ ਬੰਬ ਸੁੱਟਿਆ ਸੀ। ਹਵਾਰਾ ਤੋਂ ਇਲਾਵਾ, ਪਰਮਜੀਤ ਸਿੰਘ ਭਿਓਰਾ, ਬਲਵੰਤ ਸਿੰਘ ਰਾਜੋਆਣਾ ਅਤੇ ਜਗਤਾਰ ਸਿੰਘ ਤਾਰਾ ਅਤੇ ਕਈ ਹੋਰਾਂ ਨੂੰ ਇਸ ਮਾਮਲੇ ਵਿੱਚ ਦੋਸ਼ੀ ਬਣਾਇਆ ਗਿਆ ਸੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਹਵਾਰਾ ਇਸ ਮਾਮਲੇ ਵਿੱਚ ਪਹਿਲਾਂ ਪੰਜਾਬ ਦੀ ਬੁੜੈਲ ਜੇਲ੍ਹ ਵਿੱਚ ਬੰਦ ਸੀ, ਪਰ ਉਹ 2004 ਵਿੱਚ ਇੱਕ ਸੁਰੰਗ ਪੁੱਟ ਕੇ ਉੱਥੋਂ ਫਰਾਰ ਹੋ ਗਿਆ ਸੀ। ਇਸ ਤੋਂ ਬਾਅਦ ਉਸਨੂੰ 2005 ਵਿੱਚ ਦੁਬਾਰਾ ਗ੍ਰਿਫਤਾਰ ਕੀਤਾ ਗਿਆ। ਉਦੋਂ ਤੋਂ ਉਹ ਦਿੱਲੀ ਜੇਲ੍ਹ ਵਿੱਚ ਬੰਦ ਹੈ।
PUNJAB




INDIA








WORLD










