ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗ ਵਰਗੇ ਮਹੌਲ ਵਿੱਚ ਪਾਕਿਸਤਾਨ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ,ਇਹ ਦਾਅਵਾ ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਸੁਮੇਰ ਇਵਾਨ ਵੱਲੋਂ ਇੱਕ ਨਿੱਜੀ ਚੈਨਲ ਤੇ ਕੀਤਾ ਗਿਆ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਹੈਰਾਨੀ ਪ੍ਰਗਟਾਈ ਹੈ। ਭਾਰਤੀ ਫ਼ੌਜ ਦੇ ਲੈਫ਼ਟੀਨੈਂਟ ਜਨਰਲ ਸੁਮੇਰ ਇਵਾਨ ਵੱਲੋਂ ਇੱਕ ਚੈਨਲ ਨਾਲ ਇੰਟਰਵੀਊ ਦੌਰਾਨ ਹਾਲੀਆ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਦੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕੀਤੇ ਗਏ ਦਾਅਵੇ ਨੂੰ ਮੂਲੋਂ ਰੱਦ ਕਰਦਿਆਂ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਰੱਦ ਕਰ ਦਿੱਤਾ ਹੈ। ਹੈੱਡ ਗ੍ਰੰਥੀ ਦਾ ਕਹਿਣਾ ਹੈ ਕਿ ਉਹ ਲੜਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਦੇਸ਼ ਦੌਰੇ ‘ਤੇ ਗਏ ਸਨ ਅਤੇ ਲੜਾਈ ਖਤਮ ਹੋਣ ਤੋਂ ਬਾਅਦ ਵਾਪਸ ਆ ਗਏ ਸਨ। ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ ਗਿਆ। ਫੌਜ ਅਜਿਹੇ ਦਾਅਵੇ ਕਰ ਰਹੀ ਹੈ। ਇਸਦੀ ਜਾਂਚ ਹੋਣੀ ਚਾਹੀਦੀ ਹੈ।
ਅਧਿਕਾਰੀ ਵੱਲੋਂ ਬੋਲਿਆ ਜਾ ਰਿਹਾ ਹੈ ਝੂਠ: ਰਘਬੀਰ ਸਿੰਘ
ਉਨ੍ਹਾਂ ਕਿਹਾ ਕਿ ਭਾਰਤੀ ਫੌਜ ਨੇ ਉਨ੍ਹਾਂ ਨਾਲ ਇਸ ਤਰੀਕੇ ਦਾ ਕੋਈ ਰਾਬਤਾ ਕਾਇਮ ਨਹੀਂ ਕੀਤਾ ਅਤੇ ਇਹ ਬਿਲਕੁਲ ਝੂਠ ਹੈ। ਮੈਂ ਪਿਛਲੀ 22 ਤਰੀਕ ਤੋਂ ਛੁੱਟੀ ‘ਤੇ ਚੱਲ ਰਿਹਾ ਹਾਂ ਅਤੇ 24 ਤਰੀਕ ਤੋਂ ਵਿਦੇਸ਼ ਗਿਆ ਹੋਇਆ ਹਾਂ ਅਤੇ 14 ਮਈ ਨੂੰ ਵਾਪਸ ਆਇਆ ਹਾਂ। ਉਨ੍ਹਾਂ ਕਿਹਾ ਕਿ- ‘ਮੇਰੇ ਵਿਦੇਸ਼ ਦੌਰੇ ਪਿੱਛੋਂ ਹੀ ਜੰਗ ਸ਼ੁਰੂ ਹੋਈ ਅਤੇ ਖਤਮ ਹੋ ਗਈ।’
ਭਾਰਤ ਸਰਕਾਰ ਕਰੇ ਕਾਰਵਾਈ
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ SGPC ਨੂੰ ਵੱਡੇ ਪੱਧਰ ‘ਤੇ ਇਸ ਦੀ ਜਾਂਚ-ਪੜਤਾਲ ਕਰਨੀ ਚਾਹੀਦੀ ਹੈ ਕਿ ਭਾਰਤੀ ਫ਼ੌਜ ਨੇ ਇਹ ਨਵੀਂ ਘਾੜਤ ਘੜੀ ਜਾ ਰਹੀ ਹੈ ਅਤੇ SGPC ਪ੍ਰਧਾਨ ਨੂੰ ਵੱਡੇ ਪੱਧਰੇ ‘ਤੇ ਇਸ ਦੀ ਜਾਂਚ ਕਰਾਉਣੀ ਚਾਹੀਦੀ ਹੈ। ਜਿਹੜਾ ਵੀ ਅਧਿਕਾਰੀ ਇੱਥੇ ਐੱਸਜੀਪੀਸੀ ‘ਚ ਹੈ ਜਾਂ ਫ਼ੌਜ ‘ਚ ਹੈ, ਜਿਹੜੇ ਇਹ ਗੱਲ ਕਹਿ ਰਹੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਇਸ ‘ਤੇ ਕਾਰਵਾਈ ਕਰਨੀ ਚਾਹੀਦੀ ਹੈ।
ਐੱਸਜੀਪੀਸੀ ਪ੍ਰਧਾਨ ਦਾ ਬਿਆਨ
ਐੱਸਜੀਪੀਸੀ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਫ਼ੌਜ ਦੇ ਅਧਿਕਾਰੀ ਵੱਲੋਂ ਇਸ ਬਿਆਨ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ “ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨਾਲ ਬਲੈਕਆਊਟ ਦੇ ਸਮੇਂ ਲਾਈਟਾਂ ਬੰਦ ਕਰਵਾਉਣ ਸਬੰਧੀ ਸੰਪਰਕ ਕੀਤਾ ਗਿਆ ਸੀ, ਜਿਸ ਸਬੰਧੀ ਪ੍ਰਬੰਧਕੀ ਤੌਰ ਉੱਤੇ ਜ਼ਿੰਮੇਵਾਰੀ ਸਮਝਦਿਆਂ ਅਸੀਂ ਪੂਰਨ ਸਹਿਯੋਗ ਕੀਤਾ ਸੀ। ਭਾਰਤੀ ਫ਼ੌਜ ਦੇ ਅਧਿਕਾਰੀਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕਿਸੇ ਕਿਸਮ ਦਾ ਸੰਪਰਕ ਨਹੀਂ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ ਲਈ ਐਡੀਸ਼ਨਲ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨਾਲ ਸਲਾਹ ਕਰਕੇ ਬਾਹਰੀ ਲਾਈਟਾਂ ਹੀ ਬੰਦ ਕਰਵਾਈਆਂ ਗਈਆਂ ਸਨ। ਬਲੈਕਆਊਟ ਦੌਰਾਨ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਤੇ ਸੇਵਾ ਕਰਨ ਪੁੱਜਦੀ ਰਹੀ ਹੈ ਅਤੇ ਜੇਕਰ ਗੰਨਾਂ ਲਗਾਉਣ ਜਿਹੀ ਕੋਈ ਘਟਨਾ ਵਾਪਰੀ ਹੁੰਦੀ ਤਾਂ ਸੰਗਤ ਨੇ ਵੀ ਇਸ ਨੂੰ ਜ਼ਰੂਰ ਦੇਖਿਆ ਅਤੇ ਨੋਟਿਸ ਕੀਤਾ ਹੁੰਦਾ। ਫੌਜ ਦੇ ਇੱਕ ਅਧਿਕਾਰੀ ਵੱਲੋਂ ਅਜਿਹੀ ਗੱਲ ਨੂੰ ਅੱਗੇ ਵਧਾਉਣਾ ਹੈਰਾਨੀਜਨਕ ਹੈ। ਭਾਰਤ ਸਰਕਾਰ ਨੂੰ ਇਹ ਗੱਲ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਅਜਿਹੇ ਬਿਆਨ ਫੌਜ ਦੇ ਅਧਿਕਾਰੀਆਂ ਵੱਲੋਂ ਕਿਉਂ ਦਿੱਤੇ ਜਾ ਰਹੇ ਹਨ। ਬੀਤੇ ਦਿਨੀਂ ਬਣੇ ਤਣਾਅਪੂਰਨ ਹਾਲਾਤ ਵਿੱਚ ਦੇਸ਼ ਅਤੇ ਫੌਜ ਵੱਲੋਂ ਨਿਭਾਈ ਭੂਮਿਕਾ ਸ਼ਲਾਘਾਯੋਗ ਹੈ ਪਰੰਤੂ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਬਾਰੇ ਕਈ ਦਿਨਾਂ ਬਾਅਦ ਅਜਿਹੀ ਗਲਤ ਗੱਲ ਫੈਲਾਉਣੀ ਹੈਰਾਨੀਜਨਕ ਹੈ।”
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੋਣ ਵਜੋਂ ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਗੰਨਾਂ ਲਗਾਉਣ ਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਸਪੱਸ਼ਟ ਕੀਤਾ ਕਿ ਭਾਵੇਂ ਕਿ ਜਦੋਂ ਬੀਤੇ ਦਿਨੀਂ ਫ਼ੌਜ ਦੀ ਕਾਰਵਾਈ ਚੱਲ ਰਹੀ ਸੀ, ਉਹ ਉਸ ਸਮੇਂ ਵਿਦੇਸ਼ ਦੌਰੇ ਉੱਤੇ ਸਨ, ਪਰੰਤੂ ਇਸ ਦੌਰਾਨ ਉਨ੍ਹਾਂ ਨਾਲ ਗੰਨਾਂ ਲਗਾਉਣ ਸਬੰਧੀ ਕੋਈ ਗੱਲਬਾਤ ਨਹੀਂ ਹੋਈ ਅਤੇ ਨਾ ਹੀ ਅਜਿਹੀ ਕੋਈ ਗੱਲ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਹੈ। ਗਿਆਨੀ ਰਘਬੀਰ ਸਿੰਘ ਨੇ ਫੌਜ ਦੇ ਅਧਿਕਾਰੀ ਵੱਲੋਂ ਬਿਆਨਬਾਜ਼ੀ ਨੂੰ ਹੈਰਾਨੀਜਨਕ ਦੱਸਿਆ।
ਇਹ ਸੀ ਫੌਜ ਦਾ ਦਾਅਵਾ
ਜ਼ਿਕਰਯੋਗ ਹੈ ਕਿ ਫੌਜ ਦੇ ਅਧਿਕਾਰੀ ਨੇ ਦਾਅਵਾ ਕੀਤਾ ਸੀ ਕਿ ‘ਆਪਰੇਸ਼ਨ ਸਿੰਦੂਰ ਸਮੇਂ ਅਸੀਂ ਗੋਲਡਨ ਟੈਂਪਲ ਨੂੰ ਇੱਕ ਸੰਪੂਰਨ ਹਵਾਈ ਰੱਖਿਆ ਛੱਤਰੀ ਕਵਰ ਦੇਣ ਲਈ ਵਾਧੂ ਆਧੁਨਿਕ ਹਵਾਈ ਰੱਖਿਆ ਸੰਪਤੀਆਂ ਨੂੰ ਜੁਟਾਇਆ। 8 ਮਈ ਨੂੰ ਸਵੇਰੇ, ਹਨੇਰੇ ਦੇ ਘੰਟਿਆਂ ਵਿੱਚ, ਪਾਕਿਸਤਾਨ ਨੇ ਮਨੁੱਖ ਰਹਿਤ ਹਵਾਈ ਹਥਿਆਰਾਂ, ਮੁੱਖ ਤੌਰ ‘ਤੇ ਡਰੋਨ ਅਤੇ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਨਾਲ ਇੱਕ ਵੱਡਾ ਹਵਾਈ ਹਮਲਾ ਕੀਤਾ। ਅਸੀਂ ਪੂਰੀ ਤਰ੍ਹਾਂ ਤਿਆਰ ਸੀ ਕਿਉਂਕਿ ਅਸੀਂ ਇਸਦਾ ਅੰਦਾਜ਼ਾ ਲਗਾਇਆ ਸੀ, ਅਤੇ ਸਾਡੇ ਬਹਾਦਰ ਅਤੇ ਸੁਚੇਤ ਫੌਜ ਦੇ ਹਵਾਈ ਰੱਖਿਆ ਤੋਪਖਾਨਿਆਂ ਨੇ ਪਾਕਿਸਤਾਨ ਫੌਜ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਅਤੇ ਗੋਲਡਨ ਟੈਂਪਲ ਨੂੰ ਨਿਸ਼ਾਨਾ ਬਣਾਏ ਗਏ ਸਾਰੇ ਡਰੋਨ ਅਤੇ ਮਿਜ਼ਾਈਲਾਂ ਨੂੰ ਡੇਗ ਦਿੱਤਾ। ਇਸ ਤਰ੍ਹਾਂ ਸਾਡੇ ਪਵਿੱਤਰ ਗੋਲਡਨ ਟੈਂਪਲ ‘ਤੇ ਇੱਕ ਵੀ ਝਰੀਟ ਨਹੀਂ ਆਉਣ ਦਿੱਤੀ।”
PUNJAB




INDIA








WORLD










