6 ਜੂਨ 1984 ਦੇ ਘੱਲੂਘਾਰੇ ਹੋਏ ਨੂੰ 41 ਸਾਲ ਹੋ ਗਏ ਹਨ। ਉਸ ਸਮੇਂ ਤੋਂ ਲੈਕੇ ਲਗਾਤਾਰ ਸਿੱਖ ਸੰਗਤਾਂ 6 ਜੂਨ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਮਾਗਮ ਕੀਤੇ ਜਾਂਦੇ ਹਨ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਨਮਾਨਿਤ ਕੀਤਾ ਜਾਂਦਾ ਹੈ। ਪਰ ਇਸ ਵਾਰ ਮਾਮਲਾ ਗੁੰਝਲਦਾਰ ਬਣ ਗਿਆ ਹੈ। ਕਿਉਂਕਿ ਪਿਛਲੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਬਿਨਾਂ ਕਿਸੇ ਕਾਰਨ ਹਟਾ ਕੇ, ਗਿਆਨੀ ਕੁਲਦੀਪ ਸਿੰਘ ਗੜਗੱਜ ਨਵੇਂ ਜਥੇਦਾਰ ਵਜੋਂ ਨਿਯੁਕਤੀ ਕਰ ਦਿੱਤੀ ਗਈ ਸੀ। ਜਿਸ ਨੂੰ ਲੈਕੇ ਸਿੱਖ ਜਥੇਬੰਦੀਆਂ ਅਤੇ ਸੰਤ ਸਮਾਜ ਵੱਲੋਂ ਗੜਗੱਜ ਨੂੰ ਮਨਜ਼ੂਰ ਨਹੀਂ ਕੀਤਾ ਗਿਆ। ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਨੇ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਪੋਸਟ ਪਾ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ, ਸ਼ਹੀਦਾਂ ਦਾ ਸਨਮਾਨ ਨਾਂ ਕਰਨ ਦੀ ਤਾੜਨਾ ਕੀਤੀ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕਰਨ ਦਾ ਮਾਮਲਾ ਦਿਨੋ-ਦਿਨ ਗੁੰਝਲਦਾਰ ਹੁੰਦਾ ਜਾ ਰਿਹਾ ਹੈ। ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 20ਵੀਂ ਸਦੀ ਦੇ ਮਹਾਨ ਸਿੱਖ ਦੀ ਉਪਾਧੀ ਦਿੱਤੀ ਗਈ ਸੀ, ਦੇ ਪੁੱਤਰ ਭਾਈ ਈਸ਼ਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਿਹਾ ਕਿ ਜੇਕਰ ਗਿਆਨੀ ਕੁਲਦੀਪ ਸਿੰਘ ਗੜਗੱਜ 6 ਜੂਨ, 1984 ਨੂੰ ਘੱਲੂਘਾਰੇ ਦੀ 41ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਯੋਜਿਤ ਹੋਣ ਵਾਲੇ ਪ੍ਰੋਗਰਾਮ ਦੌਰਾਨ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਦੇ ਹਨ, ਤਾਂ ਉਹ ਕਿਸੇ ਵੀ ਹਾਲਤ ਵਿੱਚ ਇਹ ਸਨਮਾਨ ਸਵੀਕਾਰ ਨਹੀਂ ਕਰਨਗੇ।
ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ਼ਹੀਦੀ ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਤੋਂ ਰੋਕਿਆ ਜਾਵੇ। ਜੇਕਰ ਗੜਗੱਜ ਉਨ੍ਹਾਂ ਦਾ ਸਨਮਾਨ ਕਰਦੇ ਹਨ ਤਾਂ ਉਹ ਕਿਸੇ ਵੀ ਹਾਲਤ ਵਿੱਚ ਇਹ ਸਨਮਾਨ ਸਵੀਕਾਰ ਨਹੀਂ ਕਰਨਗੇ। ਦਮਦਮੀ ਟਕਸਾਲ, ਸਿੱਖ ਸਟੂਡੈਂਟਸ ਫੈਡਰੇਸ਼ਨ, ਦਲ ਖਾਲਸਾ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਉਹ ਘੱਲੂਘਾਰੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਿਧਾਂਤਹੀਣ ਥੋਪੇ ਜਾਣ ਕਾਰਨ ਪੰਥ ਵੱਲੋਂ ਰੱਦ ਕੀਤੇ ਗਏ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਨੂੰ ਕਿਸੇ ਵੀ ਹਾਲਤ ਵਿੱਚ ਸੰਦੇਸ਼ ਪੜ੍ਹਨ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਤੋਂ ਰੋਕਣਗੇ।
ਦੱਸਦਈਏ ਕਿ ਹਰ ਸਾਲ 6 ਜੂਨ ਨੂੰ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਜਾਂਦਾ ਹੈ। ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅਰਦਾਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਨੂੰ ਸੰਦੇਸ਼ ਦਿੰਦੇ ਹਨ, ਜਿਸ ਤੋਂ ਬਾਅਦ ਸ਼ਹੀਦਾਂ ਦੇ ਪਰਿਵਾਰਾਂ ਨੂੰ ਜਥੇਦਾਰ ਵੱਲੋਂ ਸਨਮਾਨਿਤ ਕੀਤਾ ਜਾਂਦਾ ਹੈ।