ਪੰਜਾਬ ਵਿਜੀਲੈਂਸ ਵਿਭਾਗ ਨੇ ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਚਲੀ ਗ੍ਰੀਨ ਐਵੇਨਿਊ ਸਥਿਤ ਰਿਹਾਇਸ਼ ’ਤੇ ਛਾਪਾ ਮਾਰਿਆ ਗਿਆ ਹੈ। ਵਿਜੀਲੈਂਸ ਵਿਭਾਗ ਵੱਡੀ ਗਿਣਤੀ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਜੀਠੀਆ ਦੇ ਘਰ ਪਹੁੰਚੇ ।
ਛਾਪਾ ਮਾਰਨ ਆਈ ਇਸ ਟੀਮ ਨੇ,ਛਾਪੇ ਦੀ ਕਾਰਵਾਈ ਬਾਰੇ ਕੁਝ ਵੀ ਦੱਸਣ ਤੋਂ ਇਨਕਾਰ ਕੀਤਾ ਹੈ। ਇਸ ਸਬੰਧ ਵਿੱਚ ਪੁਲੀਸ ਅਤੇ ਵਿਜੀਲੈਂਸ ਵਿਭਾਗ ਦੋਵਾਂ ਨੇ ਚੁੱਪ ਧਾਰੀ ਹੋਈ ਹੈ। ਇਹ ਛਾਪੇਮਾਰੀ ਕਿਸ ਸਬੰਧ ਵਿਚ ਕੀਤੀ ਗਈ ਹੈ, ਫਿਲਹਾਲ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਅਤੇ ਇਹ ਭੇਦ ਬਣਿਆ ਹੋਇਆ ਹੈ। ਦੱਸਣ ਯੋਗ ਹੈ ਕਿ ਮਜੀਠੀਆ ਇਸ ਵੇਲੇ ਨਸ਼ਿਆਂ ਦੇ ਦੋਸ਼ ਹੇਠ ਚੱਲ ਰਹੇ ਇੱਕ ਕੇਸ ਦਾ ਸਾਹਮਣਾ ਕਰ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੇ ਘਰ ਵਿੱਚ ਵਿਜੀਲੈਂਸ ਨੇ ਛਾਪੇਮਾਰੀ ਕੀਤੀ ਹੈ। ਉਹ ਖੁਦ ਘਰ ਵਿੱਚ ਹਨ ਅਤੇ ਉਨ੍ਹਾਂ ਨੂੰ ਬਿਨਾਂ ਕੋਈ ਜਾਣਕਾਰੀ ਦਿੱਤੇ ਇਸ ਟੀਮ ਨੇ ਘਰ ਵਿੱਚ ਛਾਪੇਮਾਰੀ ਕੀਤੀ ਹੈ, ਜਿਸ ਦੀ ਅਗਵਾਈ ਵਿਜੀਲੈਂਸ ਵਿਭਾਗ ਦੇ ਐੱਸਐੱਸਪੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸਬੰਧ ਵਿੱਚ ਦਰਜ ਕੇਸ ਵਿੱਚ ਜਦੋਂ ਉਨ੍ਹਾਂ ਖਿਲਾਫ਼ ਕੁਝ ਨਹੀਂ ਮਿਲਿਆ ਤਾਂ ਸਰਕਾਰ ਉਨ੍ਹਾਂ ਖਿਲਾਫ ਇੱਕ ਹੋਰ ਨਵਾਂ ਮਾਮਲਾ ਦਰਜ ਕਰਨ ਦਾ ਯਤਨ ਕਰ ਰਹੀ ਹੈ।
ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਨੂੰ ਡਰਾਉਣ ਅਤੇ ਧਮਕਾਉਣ ਦਾ ਯਤਨ ਕਰ ਰਹੀ ਹੈ ਪਰ ਉਹ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ, ‘‘ਮੈਂ ਹਮੇਸ਼ਾ ਪੰਜਾਬ ਦੇ ਮੁੱਦਿਆਂ ’ਤੇ ਗੱਲ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਗੱਲ ਕਰਦਾ ਰਹਾਂਗਾ। ਮੈਨੂੰ ਅਕਾਲ ਪੁਰਖ ਤੇ ਪੂਰਾ ਭਰੋਸਾ ਹੈ ਅਤੇ ਅੰਤ ਵਿੱਚ ਸੱਚਾਈ ਦੀ ਜਿੱਤ ਹੋਵੇਗੀ।’’ ਅਕਾਲੀ ਆਗੂ ਨੇ ਐਕਸ ’ਤੇ ਇੱਕ ਵੀਡੀਓ ਵੀ ਅਪਲੋਡ ਕੀਤੀ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਾਦੇ ਕੱਪੜਿਆਂ ਵਿੱਚ ਪੁਲੀਸ ਕਰਮਚਾਰੀ ਦਿਖਾਈ ਦੇ ਰਹੇ ਹਨ, ਜਿਨ੍ਹਾਂ ਤੋਂ ਉਨ੍ਹਾਂ ਦੀ ਸ਼ਨਾਖਤ ਬਾਰੇ ਪੁੱਛ ਰਹੇ ਹਨ। ਮਜੀਠੀਆ ਆਪਣੇ ਸਹਿਯੋਗੀਆਂ ਨੂੰ ਇਸ ਸਾਰੀ ਕਾਰਵਾਈ ਦੀ ਵੀਡੀਓ ਬਣਾਉਣ ਬਾਰੇ ਵੀ ਆਖ ਰਹੇ ਹਨ।
ਵਿਧਾਇਕ ਗਨੀਵ ਮਜੀਠੀਆ ਨੈ ਵੀ ਕਾਰਵਾਈ ’ਤੇ ਇਤਰਾਜ਼ ਜਤਾਇਆ
ਹਲਕਾ ਮਜੀਠਾ ਤੋਂ ਵਿਧਾਇਕ ਬੀਬੀ ਗਨੀਵ ਕੌਰ ਜੋ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਪਤਨੀ ਹਨ, ਨੇ ਵੀ ਵਿਜੀਲੈਂਸ ਵਿਭਾਗ ਦੀ ਇਸ ਕਾਰਵਾਈ ’ਤੇ ਸਸ਼ਤ ਇਤਰਾਜ਼ ਜਤਾਇਆ ਹੈ। ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਇੱਕ ਵੀਡੀਓ ਵਿੱਚ ਉਹ ਵਿਜੀਲੈਂਸ ਦੀ ਟੀਮ ਨਾਲ ਬਹਿਸ ਕਰਦੇ ਹੋਏ ਦਿਖਾਈ ਦੇ ਰਹੇ ਹਨ। ਗਨੀਵ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਘਰ ਵਿੱਚ ਬਿਨਾਂ ਆਗਿਆ ਲਏ 25 ਤੋਂ 30 ਵਿਜੀਲੈਂਸ ਕਰਮਚਾਰੀ ਦਾਖਲ ਹੋਏ ਹਨ, ਜੋ ਕਿ ਸਰਾਸਰ ਨਿਯਮਾਂ ਦੀ ਉਲੰਘਣਾ ਹੈ। ਜੇਕਰ ਕੋਈ ਮਸਲਾ ਹੈ ਤਾਂ ਉਨ੍ਹਾਂ ਨੂੰ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਪ੍ਰਵਾਨਗੀ ਲਏ ਜਬਰੀ ਘਰ ਵਿੱਚ ਦਾਖਲ ਹੋਣਾ ਕਿੰਨਾ ਕੁ ਜਾਇਜ਼ ਹੈ।
ਆਪਣੇ X ਅਕਾਊਂਟ ਤੇ ਪੋਸਟ ਕਰ ਬਿਕਰਮ ਮਜੀਠੀਆ ਨੇ ਲਿਖਿਆ
- ਮੈਂ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜਦੋਂ ਨਸ਼ਿਆਂ ਦੇ ਝੂਠੇ ਕੇਸ ਵਿਚ ਮੇਰੇ ਖਿਲਾਫ਼ ਭਗਵੰਤ ਮਾਨ ਸਰਕਾਰ ਨੂੰ ਕੁਝ ਨਹੀਂ ਲੱਭਾ ਤਾਂ ਹੁਣ ਮੇਰੇ ਖਿਲਾਫ਼ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਹੈ।
- ਅੱਜ ਵਿਜੀਲੈਂਸ ਦੇ SSP ਦੀ ਅਗਵਾਈ ਹੇਠ ਟੀਮ ਨੇ ਮੇਰੇ ਛਾਪੇਮਾਰੀ ਕੀਤੀ ਹੈ।
- ਭਗਵੰਤ ਮਾਨ ਜੀ ਇਹ ਗੱਲ ਸਮਝ ਲਓ, ਜਿੰਨੇ ਮਰਜ਼ੀ ਪਰਚੇ ਦੇ ਦਿਓ, ਨਾ ਤਾਂ ਮੈਂ ਡਰਾਂ ਤੇ ਨਾ ਹੀ ਤੁਹਾਡੀ ਸਰਕਾਰ ਮੇਰੀ ਆਵਾਜ਼ ਦਬਾ ਸਕਦੀ ਹੈ।
- ਪੰਜਾਬ ਦੇ ਮੁੱਦਿਆਂ ਦੀ ਹਮੇਸ਼ਾ ਗੱਲ ਕੀਤੀ ਹੈ ਤੇ ਅੱਗੇ ਵੀ ਕਰਾਂਗਾ।
- ਮੈਨੂੰ ਅਕਾਲ ਪੁਰਖ਼, ਗੁਰੂ ਸਾਹਿਬ ‘ਤੇ ਪੂਰਨ ਭਰੋਸਾ ਹੈ।
- ਅੰਤ ਜਿੱਤ ਸੱਚ ਦੀ ਹੋਵੇਗੀ❗️