ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਫ਼ੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੀਮਾ ਸੁਰੱਖਿਆ ਬਲ ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਇੱਕ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ 60.302 ਕਿਲੋਗ੍ਰਾਮ ਹੈਰੋਇਨ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਗਈ।

ਇਹ ਡਰੱਗ ਸਿੰਡੀਕੇਟ ਪਾਕਿਸਤਾਨ-ਅਧਾਰਤ ਤਸਕਰ ਤਨਵੀਰ ਸ਼ਾਹ ਦੁਆਰਾ ਚਲਾਇਆ ਜਾ ਰਿਹਾ ਸੀ, ਜਦੋਂ ਕਿ ਇਸਦਾ ਵਿਦੇਸ਼ੀ ਨੈੱਟਵਰਕ ਕੈਨੇਡਾ-ਅਧਾਰਤ ਹੈਂਡਲਰ ਜੋਬਨ ਕਲੇਰ ਦੁਆਰਾ ਚਲਾਇਆ ਜਾ ਰਿਹਾ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਵਿੱਚ ਲਗਾਤਾਰ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਜਾਂਚ ਅਜੇ ਵੀ ਜਾਰੀ ਹੈ, ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਸਾਹਮਣੇ ਆਉਣਗੀਆਂ।
ਇਸ ਨੈੱਟਵਰਕ ਨਾਲ ਜੁੜੇ 9 ਮੁੱਖ ਕਾਰਕੁਨਾਂ ਤੇ ਹਵਾਲਾ ਨੈੱਟਵਰਕ ਨਾਲ ਜੁੜੇ ਏਜੰਟਾਂ ਨੂੰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਸਾਰੇ ਮੁਲਜ਼ਮ ਹਵਾਲਾ ਰਾਹੀਂ ਨਸ਼ਾ ਤਸਕਰੀ, ਵੰਡ ਅਤੇ ਫੰਡਿੰਗ ਵਿੱਚ ਸ਼ਾਮਲ ਸਨ।
DGP ਪੰਜਾਬ ਨੇ ਟਵੀਟ ਕੀਤਾ ਹੈ ਕਿ ਉਹ ਪੰਜਾਬ ਨੂੰ ਨਾਰਕੋ-ਅੱਤਵਾਦ ਤੋਂ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਪੁਲਿਸ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਅਜਿਹੇ ਅੰਤਰਰਾਸ਼ਟਰੀ ਨੈੱਟਵਰਕਾਂ ਨੂੰ ਜੜ੍ਹੋਂ ਪੁੱਟਣ ਲਈ ਸਾਰੀਆਂ ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਕਾਰਵਾਈ ਕੀਤੀ ਜਾ ਰਹੀ ਹੈ।