ਅਮਰੀਕਾ ਦੀ ਐਫਬੀਆਈ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਗੈਂਗਸਟਰ ਰਣਦੀਪ ਸਿੰਘ ਉਰਫ਼ ਰਣਦੀਪ ਮਲਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਕਥਿਤ ਤੌਰ ਉਤੇ ਵਿਦੇਸ਼ ਵਿੱਚ ਰਹਿੰਦਿਆਂ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਭਾਰਤ ਵਿੱਚ ਕਤਲ ਦੀ ਸਾਜ਼ਿਸ਼ ਰਚ ਰਿਹਾ ਸੀ।
ਉਹ ਦਿੱਲੀ ਵਿੱਚ ਨਾਦਿਰ ਸ਼ਾਹ ਕਤਲ ਕੇਸ ਵਿੱਚ ਲੋੜੀਂਦਾ ਹੈ। ਉਸ ਉਤੇ ਵਿਦੇਸ਼ਾਂ ਤੋਂ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ ਜੋ ਅਪਰਾਧ ਵਿੱਚ ਵਰਤੇ ਗਏ ਸਨ। ਉਸ ਉਤੇ ਗੁਰੂਗ੍ਰਾਮ ਅਤੇ ਚੰਡੀਗੜ੍ਹ ਵਿੱਚ ਕਲੱਬਾਂ ਦੇ ਬਾਹਰ ਧਮਾਕਿਆਂ ਦੀ ਸਾਜ਼ਿਸ਼ ਰਚਣ ਦਾ ਵੀ ਦੋਸ਼ ਹੈ।
ਐਫਬੀਆਈ ਨੇ ਉਸ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਭਾਰਤੀ ਏਜੰਸੀਆਂ ਨਾਲ ਸਾਂਝੀ ਕੀਤੀ ਹੈ। ਉਸ ਨੂੰ ਅਮਰੀਕਾ ਦੇ ਜੈਕਸਨ ਪੈਰਿਸ਼ ਸੁਧਾਰ ਕੇਂਦਰ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਗ੍ਰਿਫ਼ਤਾਰੀ ਨੇ ਲਾਰੈਂਸ ਬਿਸ਼ਨੋਈ ਦੇ ਗਿਰੋਹ ਵਿਰੁੱਧ ਚੱਲ ਰਹੀ ਕਾਰਵਾਈ ਨੂੰ ਹੋਰ ਤੇਜ਼ ਕਰ ਦਿੱਤਾ ਹੈ।
12 ਸਤੰਬਰ 2024 ਨੂੰ ਦਿੱਲੀ ਦੇ ਗ੍ਰੇਟਰ ਕੈਲਾਸ਼-1 ਵਿੱਚ ਜਿਮ ਦੇ ਮਾਲਕ ਨਾਦਿਰ ਸ਼ਾਹ ਦੇ ਕਤਲ ਨੇ ਪੂਰੇ ਸ਼ਹਿਰ ਵਿੱਚ ਸਨਸਨੀ ਮਚਾ ਦਿੱਤੀ। ਦਿੱਲੀ ਪੁਲਿਸ ਦੀ ਚਾਰਜਸ਼ੀਟ ਦੇ ਅਨੁਸਾਰ ਰਣਦੀਪ ਮਲਿਕ ਨੇ ਇਸ ਕਤਲ ਲਈ ਅਮਰੀਕਾ ਤੋਂ ਹਥਿਆਰਾਂ ਦਾ ਪ੍ਰਬੰਧ ਕੀਤਾ ਸੀ। ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੇ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਹਾਸ਼ਿਮ ਬਾਬਾ ਨਾਲ ਵੀਡੀਓ ਕਾਲ ਰਾਹੀਂ ਇਸ ਕਤਲ ਦੀ ਸਾਜ਼ਿਸ਼ ਰਚੀ ਸੀ। ਨਾਦਿਰ ਸ਼ਾਹ ਨੇ ਆਪਣੇ ਕਾਰੋਬਾਰੀ ਸਾਥੀ ਨੂੰ ਲਾਰੈਂਸ ਗੈਂਗ ਵੱਲੋਂ ਮੰਗੀ ਗਈ 5 ਕਰੋੜ ਰੁਪਏ ਦੀ ਫਿਰੌਤੀ ਨਾ ਦੇਣ ਦੀ ਸਲਾਹ ਦਿੱਤੀ ਸੀ, ਜਿਸ ਤੋਂ ਬਾਅਦ ਉਸ ਨੂੰ ਨਿਸ਼ਾਨਾ ਬਣਾਇਆ ਗਿਆ। ਰਣਦੀਪ ਨੇ ਸ਼ੂਟਰਾਂ ਦਾ ਪ੍ਰਬੰਧ ਕਰਨ ਅਤੇ ਹਥਿਆਰਾਂ ਦੀ ਸਪਲਾਈ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।