ਪੰਜਾਬ ਦੀ ਨਾਭਾ ਜੇਲ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਆਖ਼ਰਕਾਰ ਨਾਭਾ ਜੇਲ੍ਹ ਤੋਂ ਬਾਹਰ ਆ ਗਏ ਹਨ। ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਮਜੀਠੀਆ ਦੀ ਰਿਹਾਈ ਹੋਈ, ਜਿਸ ਨਾਲ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਚਰਚਾ ਤੇਜ਼ ਹੋ ਗਈ ਹੈ। ਜੇਲ੍ਹ ਤੋਂ ਬਾਹਰ ਆਉਂਦੇ ਸਮੇਂ ਦੇ ਦ੍ਰਿਸ਼ ਸਿਆਸੀ ਹਲਕਿਆਂ ਅਤੇ ਸੋਸ਼ਲ ਮੀਡੀਆ ‘ਤੇ ਖਾਸ ਧਿਆਨ ਖਿੱਚ ਰਹੇ ਹਨ।
ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ, ਯਾਨੀ DA ਕੇਸ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ ਹੈ। ਉਹ 2025 ਤੋਂ ਨਾਭਾ ਜੇਲ੍ਹ ਵਿੱਚ ਬੰਦ ਸਨ। ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ 25 ਜੂਨ 2025 ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਇਹ ਮਾਮਲਾ ਲਗਾਤਾਰ ਕਾਨੂੰਨੀ ਅਤੇ ਸਿਆਸੀ ਚਰਚਾ ਦਾ ਕੇਂਦਰ ਬਣਿਆ ਰਿਹਾ।
ਵਿਜੀਲੈਂਸ ਵੱਲੋਂ ਮਜੀਠੀਆ ਖ਼ਿਲਾਫ਼ ਕਰੀਬ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਅਦਾਲਤ ਵਿੱਚ ਦਾਖਲ ਕੀਤੀ ਗਈ ਸੀ। ਇਸ ਦੌਰਾਨ ਦਸੰਬਰ 2025 ਵਿੱਚ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖ਼ਾਰਿਜ਼ ਕਰ ਦਿੱਤੀ ਗਈ ਸੀ, ਜਿਸ ਨਾਲ ਮਜੀਠੀਆ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਿਆ। ਪਰ ਹੁਣ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਨਾਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ।
ਜੇਲ੍ਹ ਤੋਂ ਰਿਹਾਈ ਤੋਂ ਬਾਅਦ ਮਜੀਠੀਆ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਵੇਖੀ ਗਈ, ਜਦਕਿ ਸਿਆਸੀ ਵਿਰੋਧੀਆਂ ਵੱਲੋਂ ਇਸ ਫੈਸਲੇ ਨੂੰ ਲੈ ਕੇ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਇਹ ਰਿਹਾਈ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਸਿਆਸਤ ‘ਤੇ ਗਹਿਰਾ ਅਸਰ ਛੱਡ ਸਕਦੀ ਹੈ।
ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਟਿਕੀ ਹੈ ਕਿ ਜ਼ਮਾਨਤ ਤੋਂ ਬਾਅਦ ਮਜੀਠੀਆ ਦੀ ਅਗਲੀ ਸਿਆਸੀ ਰਣਨੀਤੀ ਕੀ ਹੋਵੇਗੀ ਅਤੇ ਇਹ ਮਾਮਲਾ ਅਦਾਲਤ ਵਿੱਚ ਕਿਹੜਾ ਰੁਖ਼ ਅਖ਼ਤਿਆਰ ਕਰਦਾ ਹੈ।
PUNJAB




INDIA








WORLD









