ਜਲੰਧਰ 17 ਫਰਵਰੀ (ਪ.ਪ.) : ਜਲੰਧਰ ਦੇ ਮਹਿਤਪੁਰ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਸਬ-ਤਹਿਸੀਲ ਮਹਿਤਪੁਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਕਾਰਵਾਈ ਨਕੋਦਰ ਦੇ ਇੱਕ ਵਸਨੀਕ ਦੀ ਸ਼ਿਕਾਇਤ ’ਤੇ ਕੀਤੀ ਗਈ, ਜਿਸ ਪਾਸੋਂ ਕਾਨੂੰਗੋ ਨੇ ਅਦਾਲਤੀ ਫੈਸਲੇ ਤੋਂ ਬਾਅਦ ਇੱਕ ਘਰ ਦਾ ਕਬਜ਼ਾ ਦਿਵਾਉਣ ਦੇ ਬਦਲੇ ਤਹਿਸੀਲਦਾਰ ਦੇ ਨਾਮ ’ਤੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰਕੇ ਵਿਜੀਲੈਂਸ ਨੂੰ ਸੌਂਪ ਦਿੱਤੀ ਸੀ। ਜਾਂਚ ਤੋਂ ਬਾਅਦ, ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਜਦੋਂ ਕਾਨੂੰਗੋ ਨੇ ਰਿਸ਼ਵਤ ਦੀ ਅਗਲੀ ਕਿਸ਼ਤ ਲੈਣ ਲਈ ਆਪਣੇ ਭਰਾ ਪਰਮਿੰਦਰ ਸਿੰਘ ਨੂੰ ਭੇਜਿਆ, ਤਾਂ ਉਸ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ। ਮੁੱਖ ਮੁਲਜ਼ਮ ਕਾਨੂੰਗੋ ਜਤਿੰਦਰ ਸਿੰਘ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਰਿਹਾ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।
PUNJAB




INDIA








WORLD









