ਪੰਜਾਬ ਪੁਲੀਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਵਿਰੁੱਧ ਦਰਜ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ ਉਨ੍ਹਾਂ ਦੇ 11 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (PMLA) ਤਹਿਤ ਕੀਤੀ ਗਈ ਹੈ, ਜਿਸ ਵਿੱਚ ਭੁੱਲਰ ਦੇ ਨਜ਼ਦੀਕੀਆਂ ਅਤੇ ਕਥਿਤ ਤੌਰ ’ਤੇ ਬੇਨਾਮੀ ਜਾਇਦਾਦ ਰੱਖਣ ਵਾਲੇ ਵਿਅਕਤੀਆਂ ਦੇ ਟਿਕਾਣੇ ਵੀ ਸ਼ਾਮਲ ਹਨ।
ਅਧਿਕਾਰੀਆਂ ਅਨੁਸਾਰ ਈਡੀ ਦੀਆਂ ਟੀਮਾਂ ਨੇ ਅੱਜ ਸਵੇਰੇ ਇੱਕੋ ਵੇਲੇ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਨਾਭਾ ਅਤੇ ਜਲੰਧਰ ਵਿੱਚ ਦਸਤਕ ਦਿੱਤੀ। ਜਾਂਚ ਦਾ ਮੁੱਖ ਕੇਂਦਰ ਸਾਬਕਾ ਪੁਲੀਸ ਅਧਿਕਾਰੀ ਵੱਲੋਂ ਕਥਿਤ ਤੌਰ ’ਤੇ ਇਕੱਠੀ ਕੀਤੀ ਗਈ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਅਤੇ ਰਿਸ਼ਵਤਖੋਰੀ ਰਾਹੀਂ ਕਮਾਏ ਗਏ ਪੈਸੇ ਦੀ ਤਲਾਸ਼ ਕਰਨਾ ਹੈ। ਦੱਸਿਆ ਜਾ ਰਿਹਾ ਹੈ ਕਿ ਛਾਪੇਮਾਰੀ ਦੌਰਾਨ ਕਈ ਅਹਿਮ ਦਸਤਾਵੇਜ਼ ਅਤੇ ਡਿਜੀਟਲ ਸਬੂਤ ਕਬਜ਼ੇ ਵਿੱਚ ਲਏ ਗਏ ਹਨ।
ਜ਼ਿਕਰਯੋਗ ਹੈ ਕਿ ਇਹ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਭੁੱਲਰ ਵਿਰੁੱਧ ਦਰਜ ਕੀਤੀ ਗਈ ਇੱਕ ਐਫਆਈਆਰ ’ਤੇ ਅਧਾਰਤ ਹੈ। ਭੁੱਲਰ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਰੋਪੜ ਰੇਂਜ ਦੇ ਡੀਆਈਜੀ ਵਜੋਂ ਤਾਇਨਾਤੀ ਦੌਰਾਨ ਇੱਕ ਸਕ੍ਰੈਪ ਡੀਲਰ ਤੋਂ ਇੱਕ ਅਪਰਾਧਿਕ ਮਾਮਲਾ ਸੁਲਝਾਉਣ ਦੇ ਬਦਲੇ ਵਿਚੋਲੇ ਰਾਹੀਂ ਮੋਟੀ ਰਿਸ਼ਵਤ ਮੰਗੀ ਸੀ। ਇਸੇ ਮਾਮਲੇ ਵਿੱਚ ਸੀਬੀਆਈ ਨੇ ਅਕਤੂਬਰ 2025 ਵਿੱਚ ਭੁੱਲਰ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ।
ਈਡੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਵਾਈ ਦਾ ਉਦੇਸ਼ ਅਪਰਾਧ ਦੀ ਕਮਾਈ (Proceeds of Crime) ਦਾ ਪਤਾ ਲਗਾਉਣਾ ਅਤੇ ਇਹ ਸਪੱਸ਼ਟ ਕਰਨਾ ਹੈ ਕਿ ਰਿਸ਼ਵਤ ਦਾ ਪੈਸਾ ਕਿੱਥੇ ਅਤੇ ਕਿਸ ਤਰੀਕੇ ਨਾਲ ਨਿਵੇਸ਼ ਕੀਤਾ ਗਿਆ ਸੀ। ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਕਈ ਜਾਇਦਾਦਾਂ ਭੁੱਲਰ ਦੇ ਅਸਲ ਨਾਮ ਦੀ ਬਜਾਏ ਹੋਰਾਂ ਦੇ ਨਾਂ ’ਤੇ ਖਰੀਦੀਆਂ ਗਈਆਂ ਹਨ, ਜਿਨ੍ਹਾਂ ਦੀ ਪਛਾਣ ਲਈ ਅਗਲੇਰੀ ਪੁੱਛਗਿੱਛ ਜਾਰੀ ਹੈ।
PUNJAB




INDIA








WORLD










