ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੋਸ਼ਾਂ ਨੂੰ ਨਕਾਰਿਆ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਨਾਲ ਜੁੜੇ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਅੱਜ ਚੰਡੀਗੜ੍ਹ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਫ਼ਤਰ ਪਹੁੰਚੀ। SIT ਦੀ ਟੀਮ ਸਵੇਰੇ ਕਰੀਬ 11 ਵਜੇ ਤੋਂ ਦੁਪਹਿਰ ਢਾਈ ਵਜੇ ਤੱਕ ਦਫ਼ਤਰ ਵਿੱਚ ਮੌਜੂਦ ਰਹੀ ਅਤੇ ਰਿਕਾਰਡ ਸਬੰਧੀ ਜਾਂਚ ਕੀਤੀ।
SGPC ਦਫ਼ਤਰ ਤੋਂ ਬਾਹਰ ਆ ਕੇ SIT ਮੈਂਬਰ ਐਸਪੀ ਗੁਰਬਖਸ਼ ਸਿੰਘ ਬੈਂਸ ਨੇ ਦੋਸ਼ ਲਗਾਇਆ ਕਿ SGPC ਵੱਲੋਂ ਜਾਂਚ ਵਿੱਚ ਪੂਰਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ SIT ਵੱਲੋਂ ਮੰਗੇ ਜਾ ਰਹੇ ਅਸਲ ਦਸਤਾਵੇਜ਼ ਨਹੀਂ ਦਿੱਤੇ ਜਾ ਰਹੇ, ਸਗੋਂ ਸਿਰਫ਼ ਫੋਟੋਸਟੇਟ ਕਾਪੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਟੀਮ ਅਸਲ ਰਿਕਾਰਡ ਦੀ ਜਾਂਚ ਕਰਨਾ ਚਾਹੁੰਦੀ ਹੈ ਅਤੇ ਹੁਣ ਇਸ ਸਬੰਧੀ ਅਦਾਲਤ ਦਾ ਰੁਖ ਕੀਤਾ ਜਾਵੇਗਾ, ਤਾਂ ਜੋ ਲੋੜੀਂਦੇ ਅਧਿਕਾਰ ਪ੍ਰਾਪਤ ਕੀਤੇ ਜਾ ਸਕਣ।
ਦੂਜੇ ਪਾਸੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ SIT ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ SGPC ਹਰ ਵਾਰ ਜਾਂਚ ਟੀਮ ਨਾਲ ਪੂਰਾ ਸਹਿਯੋਗ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ SIT ਦਫ਼ਤਰ ਆਉਂਦੀ ਹੈ ਤਾਂ ਉਨ੍ਹਾਂ ਨੂੰ ਲੋੜੀਂਦਾ ਰਿਕਾਰਡ ਦਿੱਤਾ ਜਾਂਦਾ ਹੈ ਅਤੇ ਇਸ ਦੀ ਵੀਡੀਓਗ੍ਰਾਫੀ ਵੀ ਕੀਤੀ ਜਾਂਦੀ ਹੈ। ਨਾਲ ਹੀ ਦਸਤਾਵੇਜ਼ਾਂ ਦੀ ਰਸੀਦ ਵੀ ਟੀਮ ਤੋਂ ਲਈ ਜਾਂਦੀ ਹੈ।
ਧਾਮੀ ਨੇ ਦੱਸਿਆ ਕਿ ਅੱਜ SIT ਵੱਲੋਂ ਲੈਜਰ ਅਤੇ ਬਿੱਲ ਮੰਗੇ ਗਏ ਸਨ, ਜਿਨ੍ਹਾਂ ਦੀਆਂ ਫੋਟੋ ਕਾਪੀਆਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਅਦਾਲਤ ਹੁਕਮ ਕਰੇਗੀ ਤਾਂ ਅਸਲ ਦਸਤਾਵੇਜ਼ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ, ਪਰ SIT ਨੂੰ ਨਹੀਂ ਦਿੱਤੇ ਜਾਣਗੇ ਕਿਉਂਕਿ ਉਨ੍ਹਾਂ ਨਾਲ ਛੇੜਛਾੜ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਇਹ ਵੀ ਦੱਸਿਆ ਕਿ 1 ਜੂਨ ਨੂੰ SGPC ਦੀ ਐਗਜ਼ੈਕਟਿਵ ਬਾਡੀ ਦੀ ਮੀਟਿੰਗ ਹੋਣੀ ਹੈ, ਜਿਸ ਵਿੱਚ ਇਸ ਮਾਮਲੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਨਾਲ ਹੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੇ ਹੁਕਮਾਂ ਅਨੁਸਾਰ ਅਗਲੀ ਕਾਰਵਾਈ ਬਾਰੇ ਫੈਸਲਾ ਲਿਆ ਜਾਵੇਗਾ ਕਿ SIT ਨਾਲ ਸਹਿਯੋਗ ਜਾਰੀ ਰੱਖਣਾ ਹੈ ਜਾਂ ਨਹੀਂ।
PUNJAB




INDIA








WORLD










