ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸੀਮਾ ਪਾਰ ਚੱਲ ਰਹੇ ਹਥਿਆਰ, ਨਸ਼ਾ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗਾਂ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 1.035 ਕਿਲੋਗ੍ਰਾਮ ਹੈਰੋਇਨ, ਪੰਜ ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਾਜ਼ ਮੁਹੰਮਦ (62) ਵਜੋਂ ਹੋਈ ਹੈ, ਜੋ ਅਫਗਾਨਿਸਤਾਨ ਦਾ ਨਾਗਰਿਕ ਹੈ ਅਤੇ ਪਹਿਲਾਂ ਹਰਿਆਣਾ ਦੇ ਸੋਨੀਪਤ ਵਿੱਚ ਰਹਿੰਦਾ ਸੀ, ਜਦਕਿ ਹਾਲ ਹੀ ਵਿੱਚ ਉਹ ਨਵੀਂ ਦਿੱਲੀ ਦੇ ਲਾਜਪਤ ਨਗਰ ਵਿੱਚ ਰਹਿ ਰਿਹਾ ਸੀ। ਇਸ ਤੋਂ ਇਲਾਵਾ ਨਵਾਂਸ਼ਹਿਰ ਦੀ ਗੁਰੂ ਅੰਗਦ ਦੇਵ ਕਾਲੋਨੀ ਦਾ ਰਹਿਣ ਵਾਲਾ ਅੰਕੁਸ਼ ਬਰਥਵਾਲ (33), ਜਲੰਧਰ ਦੇ ਪਿੰਡ ਭੱਟੀਆਂ ਦਾ ਦੇਸ਼ ਰਾਜ ਉਰਫ਼ ਵਿੱਕੀ (32) ਅਤੇ ਲੋਪੋਕੇ ਦੇ ਪਿੰਡ ਰਣੀਆ ਦਾ ਰਾਜਨਦੀਪ ਸਿੰਘ ਉਰਫ਼ ਰਾਜਾ (26), ਜੋ ਇਸ ਵੇਲੇ ਅੰਮ੍ਰਿਤਸਰ ਦੇ ਸੰਨੀ ਐਨਕਲੇਵ ਵਿੱਚ ਰਹਿ ਰਿਹਾ ਹੈ, ਵੀ ਗ੍ਰਿਫ਼ਤਾਰ ਕੀਤੇ ਗਏ ਹਨ। ਦੋ ਨਾਬਾਲਗ ਵੀ ਇਸ ਮਾਮਲੇ ਵਿੱਚ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਸਾਥੀਆਂ ਨਾਲ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸੰਪਰਕ ਵਿੱਚ ਸਨ। ਇਹ ਗਿਰੋਹ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਅਨੁਸਾਰ ਅੱਗੇ ਸਪਲਾਈ ਕਰਦਾ ਸੀ।
ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ। ਪੁਲਿਸ ਵੱਲੋਂ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਅਤੇ ਅਗਲੇ-ਪਿਛਲੇ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ 9 ਐਮਐਮ ਗਲਾਕ ਪਿਸਤੌਲ (ਆਸਟਰੀਆ ਵਿੱਚ ਬਣੇ), ਇੱਕ .30 ਬੋਰ ਜਿਗਾਨਾ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂਆਤੀ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਦੋ ਨਾਬਾਲਗਾਂ ਨੂੰ ਇੱਕ ਗਲਾਕ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਸੀ। ਉਨ੍ਹਾਂ ਦੀ ਪੁੱਛਗਿੱਛ ਦੇ ਆਧਾਰ ’ਤੇ 500 ਗ੍ਰਾਮ ਹੈਰੋਇਨ ਅਤੇ ਇੱਕ ਹੋਰ ਪਿਸਤੌਲ ਵੀ ਬਰਾਮਦ ਕੀਤੀ ਗਈ।
ਜਾਂਚ ਨੂੰ ਅੱਗੇ ਵਧਾਉਂਦਿਆਂ ਪੁਲਿਸ ਨੇ ਬਾਜ਼ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ਼ ਰਾਜ ਉਰਫ਼ ਵਿੱਕੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਤਿੰਨ ਪਿਸਤੌਲ, 535 ਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਬਾਅਦ ਵਿੱਚ ਉਨ੍ਹਾਂ ਦੇ ਇੱਕ ਹੋਰ ਸਾਥੀ ਰਾਜਨਦੀਪ ਸਿੰਘ ਉਰਫ਼ ਰਾਜਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।
ਸੀਪੀ ਭੁੱਲਰ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਅੰਕੁਸ਼ ਬਰਥਵਾਲ ਹਾਲ ਹੀ ਵਿੱਚ ਯੂਗਾਂਡਾ ਤੋਂ ਭਾਰਤ ਵਾਪਸ ਆਇਆ ਸੀ, ਜਿੱਥੇ ਉਹ ਨੌਕਰੀ ਕਰਦਾ ਸੀ। ਵਿਦੇਸ਼ ਵਿੱਚ ਉਸ ਦੇ ਇੱਕ ਸਹਿਕਰਮੀ ਨੇ ਉਸ ਦੀ ਮੁਲਾਕਾਤ ਬਾਜ਼ ਮੁਹੰਮਦ ਨਾਲ ਕਰਵਾਈ ਸੀ। ਭਾਰਤ ਪਰਤਣ ਤੋਂ ਬਾਅਦ ਅੰਕੁਸ਼ ਨੇ ਬਾਜ਼ ਮੁਹੰਮਦ ਨਾਲ ਮਿਲ ਕੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਅਤੇ ਸਪਲਾਈ ਦਾ ਕੰਮ ਸ਼ੁਰੂ ਕਰ ਦਿੱਤਾ।
ਇਸ ਸਬੰਧੀ ਥਾਣਾ ਛਾਵਣੀ, ਅੰਮ੍ਰਿਤਸਰ ਵਿੱਚ ਆਰਮਜ਼ ਐਕਟ ਦੀ ਧਾਰਾ 25 (6,7,8) ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 91 ਮਿਤੀ 24-05-2026 ਦਰਜ ਕੀਤੀ ਗਈ ਹੈ।
PUNJAB




INDIA








WORLD










