ਪੰਜਾਬ ਵਿੱਚ ਸਾਲ 2027 ਦੌਰਾਨ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਸ ਤੋਂ ਪਹਿਲਾਂ ਅਕਾਲੀ ਦਲ ਬਾਦਲ ਦੀ ਕੋਸ਼ਿਸ਼ ਚੱਲ ਰਹੀ ਹੈ, ਬੀਜੇਪੀ ਨਾਲ ਗਠਜੋੜ ਹੋ ਜਾਵੇ। ਪਰ ਪੰਜਾਬ ਭਾਜਪਾ ਵੱਲੋਂ ਕੋਈ ਲੜ ਨਹੀਂ ਫੜਾਇਆ ਜਾ ਰਿਹਾ ਹੈ। ਇਸ ਦੇ ਵਿੱਚ ਪ੍ਰਧਾਨ ਮੰਤਰੀ ਨਾਲ ਬਾਦਲ ਦੀ ਹੋਈ ਮੁਲਾਕਾਤ ਤੋਂ ਬਾਅਦ ਗਠਜੋੜ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ। ਪਰ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗਠਜੋੜ ਵਾਲੀਆਂ ਕਿਆਸਅਰਾਈਆਂ ਨੂੰ ਖਤਮ ਕਰਦਿਆਂ ਆਖਿਆ ਹੈ ਕਿ ਬੀਜੇਪੀ ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਤੇ ਇਕਲਿਆਂ ਚੋਣਾਂ ਲੜੇਗੀ।
ਕੇਵਲ ਸਿੰਘ ਢਿੱਲੋਂ ਨੇ ਸਪੱਸ਼ਟ ਕੀਤਾ ਹੈ ਕਿ ਭਾਜਪਾ ਅਕਾਲੀ ਦਲ ਨਾਲ ਕੋਈ ਚੋਣ ਸਮਝੌਤਾ ਨਹੀਂ ਕਰੇਗੀ ਅਤੇ ਪਾਰਟੀ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ’ਤੇ ਸਾਰੀਆਂ 117 ਸੀਟਾਂ ’ਤੇ ਇਕੱਲਿਆਂ ਲੜਨ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਵੀ ਜੂਨ 2026 ਵਿੱਚ ਆਪਣੇ ਪੰਜਾਬ ਦੌਰੇ ਦੌਰਾਨ ਇਹੀ ਐਲਾਨ ਕੀਤਾ ਸੀ ਕਿ ਪਾਰਟੀ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ।
ਸੁਖਬੀਰ ਬਾਦਲ ਅਤੇ ਪੀਐੱਮ ਮੋਦੀ ਦੀ ਮੀਟਿੰਗ ਬਾਰੇ ਟਿੱਪਣੀ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕੋਈ ਵੀ ਮਿਲ ਸਕਦਾ ਹੈ ਕਿਉਂਕਿ ਸੁਖਬੀਰ ਬਾਦਲ ਸੂਬੇ ਦੇ ਉਪ ਮੁੱਖ ਮੰਤਰੀ ਰਹੇ ਹਨ ਅਤੇ ਲੋਕ ਸਭਾ ਮੈਂਬਰ ਰਹੇ ਹਨ, ਇਸ ਲਈ ਉਹ ਪ੍ਰਧਾਨ ਮੰਤਰੀ ਨੂੰ ਮਿਲ ਸਕਦੇ ਹਨ। ਦੋਵਾਂ ਪਾਰਟੀਆਂ ਨੇ ਹੁਣ ਤੱਕ ਇਹੀ ਰੁਖ ਰੱਖਿਆ ਹੈ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਇਕੱਲੇ ਹੀ ਮੈਦਾਨ ਵਿੱਚ ਉਤਰਨਗੀਆਂ।
ਜ਼ਿਕਰਯੋਗ ਹੈ ਕਿ ਦੋਵੇਂ ਪਾਰਟੀਆਂ ਦੇ ਗਠਜੋੜ ਅਧੀਨ1997 ਤੋਂ 2002, 2007 ਤੋਂ 2012, ਅਤੇ 2012 ਤੋਂ 2017 ਤੱਕ ਸੂਬੇ ਵਿੱਚ ਤਿੰਨ ਵਾਰ ਸਰਕਾਰ ਰਹੀ ਹੈ। ਹਾਲਾਂਕਿ, 2020 ਦੇ ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਦੋਵਾਂ ਦਾ ਤੋੜ ਵਿਛੋੜਾ ਹੋ ਗਿਆ ਸੀ। ਇਸ ਤੋਂ ਬਾਅਦ ਪਾਰਟੀਆਂ ਆਪਣੇ ਪੱਧਰ ’ਤੇ ਸਰਗਰਮੀਆਂ ਕਰ ਰਹੀਆਂ ਹਨ।
PUNJAB




INDIA








WORLD









